ਨਵੇਂ ਸੰਸਦ ਦੇ ਉਦਘਾਟਨ ‘ਤੇ ਹੰਗਾਮਾ, ਰਾਹੁਲ ਬੋਲੇ- ‘ਹੰਕਾਰ ਦੀਆੰ ਇੱਟਾਂ ਨਾਲ ਨਹੀਂ ਬਣਦੀ ਸੰਸਦ’

ਦੇਸ਼ ਦੇ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਤੋਂ ਪਹਿਲਾਂ ਪਾਰਟੀਆਂ ਅਤੇ ਵਿਰੋਧੀ ਧਿਰਾਂ ਵਿਚਾਲੇ ਖੂਬ ਹੰਗਾਮਾ ਹੋਇਆ। ਕਾਂਗਰਸ, ਆਮ ਆਦਮੀ ਪਾਰਟੀ, ਤ੍ਰਿਣਮੂਲ ਕਾਂਗਰਸ, ਆਰਜੇਡੀ, ਐਨਸੀਪੀ ਅਤੇ ਖੱਬੇ ਪੱਖੀ ਪਾਰਟੀਆਂ ਸਮੇਤ 19 ਵਿਰੋਧੀ ਪਾਰਟੀਆਂ ਨੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪਾਰਟੀਆਂ ਨੇ ਕੇਂਦਰ ਸਰਕਾਰ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅਪਮਾਨ ਕਰਨ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਰਾਹੁਲ ਗਾਂਧੀ ਨੇ ਹਿੰਦੀ ਵਿੱਚ ਟਵੀਟ ਕਰਕੇ ਲਿਖਿਆ ਕਿ ਰਾਸ਼ਟਰਪਤੀ ਤੋਂ ਸੰਸਦ ਦਾ ਉਦਘਾਟਨ ਨਾ ਕਰਵਾਉਣਾ ਅਤੇ ਉਨ੍ਹਾਂ ਨੂੰ ਸਮਾਰੋਹ ਦਾ ਵੀ ਸੱਦਾ ਨਾ ਦੇਣਾ, ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇ ਦਾ ਅਪਮਾਨ ਹੈ। ਰਾਹੁਲ ਨੇ ਕਿਹਾ ਕਿ ਸੰਸਦ ਹੰਕਾਰ ਦੀਆਂ ਇੱਟਾਂ ਨਾਲ ਨਹੀਂ, ਸਗੋਂ ਸੰਵਿਧਾਨਿਕ ਕਦਰਾਂ-ਕੀਮਤਾਂ ਨਾਲ ਬਣਦੀ ਹੈ। ਇਸ ਤੋਂ ਪਹਿਲਾਂ ਬੀਜੇਪੀ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਟਵੀਟ ਕਰਕੇ ਰਾਹੁਲ ਗਾਂਧੀ ‘ਤੇ ਵਿਅੰਗ ਕੱਸਿਆ ਸੀ। ਸ਼ੇਰਗਿੱਲ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਸੰਵਿਧਾਨਕ ਮਰਿਆਦਾ ਬਾਰੇ ਸਲਾਹ ਦੇਣ ਤੋਂ ਪਹਿਲਾਂ ਆਪਣੇ ਪਾਰਟੀ ਸਾਥੀਆਂ ਦਾ ਸਤਿਕਾਰ ਕਰਨਾ ਸਿੱਖਣਾ ਚਾਹੀਦਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਕੇਂਦਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਵੀ ਸੰਸਦ ਦਾ ਸੈਸ਼ਨ ਹੁੰਦਾ ਹੈ ਤਾਂ ਰਾਸ਼ਟਰਪਤੀ ਵੱਲੋਂ ਸੰਸਦ ਮੈਂਬਰਾਂ ਨੂੰ ਸੱਦਾ ਪੱਤਰ ਭੇਜਿਆ ਜਾਂਦਾ ਹੈ ਪਰ ਇਸ ਵਾਰ ਨਵੀਂ ਸੰਸਦ ਦੇ ਉਦਘਾਟਨੀ ਪ੍ਰੋਗਰਾਮ ਦੌਰਾਨ ਰਾਸ਼ਟਰਪਤੀ ਨੂੰ ਵੀ ਸੱਦਾ ਨਹੀਂ ਦਿੱਤਾ ਜਾ ਰਿਹਾ ਹੈ। ਇਸ ਲਈ ਅਸੀਂ ਇਸ ਪ੍ਰੋਗਰਾਮ ਵਿੱਚ ਨਹੀਂ ਜਾਵਾਂਗੇ।

Leave a Reply

Your email address will not be published. Required fields are marked *