ਪੰਜਾਬ ਯੂਨੀਵਰਸਿਟੀ (Punjab University), ਚੰਡੀਗੜ੍ਹ ਵਿੱਚ ਹਰਿਆਣਾ ਦੀ ਹਿੱਸੇਦਾਰੀ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਤੋਂ ਬਾਅਦ ਮਾਮਲਾ ਮੁੜ ਜ਼ੋਰ ਫੜ ਸਕਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ 1966 ਤਹਿਤ ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਾ ਰਾਜ ਦਾ ਹਿੱਸਾ ਦਿੱਤਾ ਗਿਆ ਸੀ, ਇਸ ਲਈ ਹਰਿਆਣਾ ਰਾਜ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਮਾਨਤਾ ਦਿੱਤੀ ਜਾਵੇ। ਹਾਲਾਂਕਿ ਇਸ ਮਾਮਲੇ ਵਿੱਚ 5 ਜੂਨ ਨੂੰ ਮੁੜ ਮੀਟਿੰਗ ਹੋਣੀ ਹੈ ਪਰ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਇਹ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਪੀਯੂ ਨੂੰ ਦਿੱਤੀ ਜਾਣ ਵਾਲੀ ਗ੍ਰਾਂਟ ਬਾਰੇ ਸੀ। ਕਿਉਂਕਿ ਸੰਸਥਾ ਦੀ ਮਾਲੀ ਹਾਲਤ ਠੀਕ ਨਹੀਂ ਹੈ। ਪੰਜਾਬ ਸਰਕਾਰ ਪਿਛਲੇ 3 ਦਹਾਕਿਆਂ ਤੋਂ ਪੰਜਾਬ ਯੂਨੀਵਰਸਿਟੀ ਨੂੰ ਗ੍ਰਾਂਟਾਂ ਜਾਰੀ ਕਰ ਰਹੀ ਹੈ। ਜਦਕਿ ਹਰਿਆਣਾ ਨੇ 1990 ਵਿੱਚ ਪੀਯੂ ਨੂੰ ਗ੍ਰਾਂਟ ਦੇਣਾ ਬੰਦ ਕਰ ਦਿੱਤਾ ਸੀ। ਯੂਨੀਵਰਸਿਟੀ ਦਾ ਸੰਚਾਲਨ ਕੇਂਦਰ ਸਰਕਾਰ ਅਤੇ ਪੰਜਾਬ ਦੀ ਗਰਾਂਟ ਨਾਲ ਚੱਲ ਰਿਹਾ ਹੈ। ਹੁਣ ਜੇਕਰ ਹਰਿਆਣਾ ਯੂਨੀਵਰਸਿਟੀ ਨੂੰ ਗ੍ਰਾਂਟ ਦੇਣਾ ਸ਼ੁਰੂ ਕਰ ਦੇਵੇ ਤਾਂ ਇਸ ਦੀ ਆਰਥਿਕ ਹਾਲਤ ਮਜ਼ਬੂਤ ਹੋ ਸਕਦੀ ਹੈ। ਇਸ ਮੁੱਦੇ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਸੀਐਮ ਨੇ ਕਾਲਜਾਂ ਦੀ ਮਾਨਤਾ ਦਾ ਮੁੱਦਾ ਵੀ ਉਠਾਇਆ ਹੈ। ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਯੂਨੀਵਰਸਿਟੀ ਨਾਲ ਸਬੰਧਤ ਤੱਥਾਂ ਨੂੰ ਦ੍ਰਿੜਤਾ ਨਾਲ ਦਰਜ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਸੰਸਥਾ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਮਹੱਤਤਾ ਨੂੰ ਦੇਖਦੇ ਹੋਏ ਇਸ ਦਾ ਪੰਜਾਬ ਦੇ ਲੋਕਾਂ ਨਾਲ ਦਿਲੀ ਅਤੇ ਭਾਵਨਾਤਮਕ ਸਬੰਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਦੀ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਰਾਜ ਦੀ ਪੰਜਾਬ ਯੂਨੀਵਰਸਿਟੀ ਦੀ ਮੌਜੂਦਾ ਕਾਨੂੰਨੀ ਅਤੇ ਪ੍ਰਬੰਧਕੀ ਸਥਿਤੀ ਨੂੰ ਬਹਾਲ ਕੀਤਾ ਜਾਵੇ। ਭਗਵੰਤ ਮਾਨ ਨੇ ਯਾਦ ਦਿਵਾਇਆ ਕਿ ਸਾਲ 1966 ਵਿੱਚ ਪੰਜਾਬ ਦੇ ਪੁਨਰਗਠਨ ਮੌਕੇ, ਪੰਜਾਬ ਯੂਨੀਵਰਸਿਟੀ ਨੂੰ ਪਾਰਲੀਮੈਂਟ ਦੁਆਰਾ ਬਣਾਏ ਗਏ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72(1) ਤਹਿਤ ‘ਇੰਟਰ ਸਟੇਟ ਬਾਡੀ ਕਾਰਪੋਰੇਟ’ ਐਲਾਨਿਆ ਗਿਆ ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਨਿਰੰਤਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਆਪਣਾ ਕੰਮ ਕਰ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਵੰਡ ਤੋਂ ਬਾਅਦ ਪੀਯੂ ਨੂੰ ਲਾਹੌਰ ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਸ ਦੀ ਸਥਾਪਨਾ ਪੰਜਾਬ ਦੀ ਮੌਜੂਦਾ ਰਾਜਧਾਨੀ ਚੰਡੀਗੜ੍ਹ ਵਿੱਚ ਕੀਤੀ ਗਈ। ਇਸ ਸਮੇਂ ਪੰਜਾਬ ਵਿੱਚ ਯੂਨੀਵਰਸਿਟੀ ਨਾਲ ਸਬੰਧਤ 175 ਕਾਲਜ ਹਨ ਅਤੇ ਇਹ ਕਾਲਜ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸਬੀਐਸ ਨਗਰ ਵਿੱਚ ਸਥਿਤ ਹਨ।