ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਮੀਟਿੰਗ ਵਿਚ ਭਗਵੰਤ ਮਾਨ ਪ੍ਰਧਾਨ ਮੰਤਰੀ ਤੋਂ ਪੰਜਾਬ ਦੇ ਹਿੱਸੇ ਵਿਚੋਂ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਕੁੱਲ 5800 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਮੰਗ ਕਰਨਗੇ। ਕੇਂਦਰ ਸਰਕਾਰ ਕੋਲ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 3,600 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ 600 ਕਰੋੜ ਰੁਪਏ ਬਕਾਇਆ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਪੂੰਜੀ ਸਹਾਇਕ ਲਈ 1600 ਕਰੋੜ ਰੁਪਏ ਦਾ ਫੰਡ ਵੀ ਰੋਕ ਦਿੱਤਾ ਗਿਆ ਹੈ। ਇਸ ਦੇ ਜਾਰੀ ਨਾ ਹੋਣ ਕਾਰਨ ਪੰਜਾਬ ਸਰਕਾਰ ਦੇ ਸਾਹਮਣੇ ਆਰਥਿਕ ਚੁਣੌਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਇਸ ਮਾਮਲੇ ਵਿਚ ਸੁਪਰੀਮ ਕੋਰਟ ਜਾਣ ਦਾ ਮਨ ਬਣਾ ਲਿਆ ਹੈ। ਪਰ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਇਸ ਮੁੱਦੇ ‘ਤੇ ਚਰਚਾ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਵਿੱਤ ਵਿਭਾਗ ਨੇ ਸਰਕਾਰ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਵਿਚ ਕੇਂਦਰ ਸਰਕਾਰ ਕੋਲ ਪੰਜਾਬ ਦੇ ਹਿੱਸੇ ਦੀ ਬਕਾਇਆ ਰਕਮ ਦੱਸੀ ਗਈ ਹੈ। ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਇਹ ਫੰਡ ਕਿੰਨੇ ਸਮੇਂ ਤੋਂ ਬਕਾਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਕੇਂਦਰੀ ਮੰਤਰੀਆਂ ਨੂੰ ਮਿਲ ਕੇ ਬਕਾਇਆ ਫੰਡ ਜਾਰੀ ਕਰਨ ਦੀ ਮੰਗ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਸ ਸਬੰਧੀ ਕੇਂਦਰੀ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ। ਇਸ ਦੇ ਬਾਵਜੂਦ ਪੰਜਾਬ ਨੂੰ ਕੇਂਦਰ ਸਰਕਾਰ ਦਾ ਸਹਿਯੋਗ ਨਹੀਂ ਮਿਲ ਰਿਹਾ। ਹਾਲ ਹੀ ਵਿਚ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਚੰਡੀਗੜ੍ਹ-ਪੰਚਕੂਲਾ ਦਾ ਦੌਰਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਨ.ਐਚ.ਐਮ ਅਧੀਨ ਤੰਦਰੁਸਤੀ ਕੇਂਦਰਾਂ ਲਈ ਪੰਜਾਬ ਨੂੰ ਫੰਡ ਦਿੱਤੇ ਹਨ। ਉਂਝ, ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ਦਾ ਪੈਸਾ ਰਾਜ ਸਕੀਮ ਤਹਿਤ ਆਪਣੇ ਮੁਹੱਲਾ ਕਲੀਨਿਕਾਂ ’ਤੇ ਖਰਚ ਕੀਤਾ। ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਕੇਂਦਰੀ ਸਕੀਮ ਪੰਜਾਬ ਨੇ ਹੀ ਬੰਦ ਕਰ ਦਿੱਤੀ ਹੈ ਤਾਂ ਫਿਰ ਫੰਡ ਕਿਉਂ ਜਾਰੀ ਕੀਤੇ ਜਾਣ।