ਇੱਥੋਂ ਦੇ ਯਾਕਤਤੂਤ ਇਲਾਕੇ ਵਿਚ ਸ਼ੁੱਕਰਵਾਰ ਨੂੰ ਅਣਪਛਾਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਵੱਲੋਂ ਸਿੱਖ ਭਾਈਚਾਰੇ ਦੇ ਵਿਅਕਤੀ ‘ਤੇ ਗੋਲੀਬਾਰੀ ਕੀਤੀ ਗਈ ਤੇ ਵਿਅਕਤੀ ਗੰਭੀਰ ਜਖ਼ਮੀ ਹੋ ਗਿਆ। ਸਿਟੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਡਬਗੜ੍ਹੀ ਇਲਾਕੇ ਦਾ ਰਹਿਣ ਵਾਲਾ ਤਰਲੋਕ ਸਿੰਘ (30) ਇਲਾਕੇ ਵਿਚ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਉਨ੍ਹਾਂ ਦੱਸਿਆ ਕਿ ਅਣਪਛਾਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਸਿੱਖ ਭਾਈਚਾਰੇ ਦੇ ਮੈਂਬਰ ਦੇ ਪੈਰ ‘ਚ ਗੋਲੀ ਲੱਗਣ ਕਾਰਨ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। 31 ਮਾਰਚ ਨੂੰ ਸੂਬਾਈ ਰਾਜਧਾਨੀ ਦੇ ਬਾਹਰਵਾਰ ਗੜ੍ਹੀ ਅਤਾ ਮੁਹੰਮਦ ਇਲਾਕੇ ਵਿੱਚ ਇੱਕ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਇੱਕ ਅਣਪਛਾਤੇ ਹਮਲਾਵਰ ਨੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਦੱਸਿਆ ਸੀ ਕਿ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਦਿਆਲ ਸਿੰਘ ਦੀ ਦੁਕਾਨ ਦੇ ਬਾਹਰ ਆਪਣੀ ਬਾਈਕ ਖੜੀ ਕੀਤੀ ਅਤੇ ਉਸ ‘ਤੇ ਪਿਸਤੌਲ ਨਾਲ ਦੋ ਗੋਲੀਆਂ ਚਲਾਈਆਂ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਜ਼ਿਕਰਯੋਗ ਹੈ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਵੀ ਟਵੀਟ ਕੀਤਾ ਹੈ। ਉਹਨਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੇ ਪੇਸ਼ਾਵਰ ਦੇ ਰਸ਼ੀਦਗੜ੍ਹੀ ਇਲਾਕੇ ‘ਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਤਰਲੋਕ ਸਿੰਘ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੀ ਦਿਲ ਦਹਿਲਾਉਣ ਵਾਲੀ ਖ਼ਬਰ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਅਤੇ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪਾਕਿਸਤਾਨ ਵਿਚ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ ਵਿਰੁੱਧ ਹੋ ਰਹੀ ਹਿੰਸਾ ਦੀ ਲੜੀ ਵਿਚ ਇਹ ਇੱਕ ਹੋਰ ਹਮਲਾ ਹੈ। ਪਾਕਿਸਤਾਨ ਸਰਕਾਰ ਇੱਕ ਮੂਕ ਦਰਸ਼ਕ ਵਾਂਗ ਵਿਵਹਾਰ ਕਰ ਰਹੀ ਹੈ ਜੋ ਕੱਟੜਪੰਥੀ ਤੱਤਾਂ ਨੂੰ ਘੱਟ ਗਿਣਤੀਆਂ ਵਿਰੁੱਧ ਅਜਿਹੇ ਹੋਰ ਹਮਲੇ ਕਰਨ ਦੀ ਯੋਜਨਾ ਬਣਾਉਣ ਲਈ ਉਤਸ਼ਾਹਿਤ ਕਰਦਾ ਹੈ।