20 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ, 11 ਅਗਸਤ ਤਕ ਚੱਲੇਗੀ ਕਾਰਵਾਈ

ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤਕ ਚੱਲੇਗਾ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਪ੍ਰਹਿਲਾਦ ਜੋਸ਼ੀ ਨੇ ਟਵੀਟ ਕੀਤਾ, “ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ 2023 ਤੋਂ ਸ਼ੁਰੂ ਹੋਵੇਗਾ ਅਤੇ 11 ਅਗਸਤ ਤਕ ਚੱਲੇਗਾ। 23 ਦਿਨਾਂ ਦੇ ਇਸ ਸੈਸ਼ਨ ਵਿਚ ਕੁੱਲ 17 ਬੈਠਕਾਂ ਹੋਣਗੀਆਂ।” ਉਨ੍ਹਾਂ ਕਿਹਾ, ”ਮੈਂ ਸਾਰੀਆਂ ਪਾਰਟੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸੈਸ਼ਨ ਦੌਰਾਨ ਵਿਧਾਨਕ ਅਤੇ ਸੰਸਦ ਦੇ ਹੋਰ ਕੰਮਾਂ ‘ਚ ਉਸਾਰੂ ਯੋਗਦਾਨ ਪਾਉਣ।” ਸੰਸਦ ਦਾ ਮਾਨਸੂਨ ਸੈਸ਼ਨ ਹੰਗਾਮੀ ਹੋਣ ਦੀ ਸੰਭਾਵਨਾ ਹੈ। ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਵਿਰੋਧੀ ਪਾਰਟੀਆਂ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਿਰੁਧ ਮੋਰਚਾਬੰਦੀ ਸ਼ੁਰੂ ਕਰ ਦਿਤੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਯੂਨੀਫਾਰਮ ਸਿਵਲ ਕੋਡ ਦੀ ਵਕਾਲਤ ਕਰਨ ਤੋਂ ਬਾਅਦ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਵਲੋਂ ਤਿੱਖੀ ਪ੍ਰਤੀਕਿਰਿਆ ਦਿਤੀ ਗਈ ਹੈ। ਸੂਤਰਾਂ ਅਨੁਸਾਰ ਸੈਸ਼ਨ ਪੁਰਾਣੇ ਸੰਸਦ ਭਵਨ ਵਿਚ ਸ਼ੁਰੂ ਹੋਵੇਗਾ ਅਤੇ ਬਾਅਦ ਵਿਚ ਨਵੇਂ ਸੰਸਦ ਭਵਨ ਵਿਚ ਮੀਟਿੰਗਾਂ ਕੀਤੀਆਂ ਜਾ ਸਕਦੀਆਂ ਹਨ। ਆਉਣ ਵਾਲੇ ਸੈਸ਼ਨ ਵਿਚ, ਕੇਂਦਰ ਸਰਕਾਰ ‘ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਆਰਡੀਨੈਂਸ’ ਨੂੰ ਬਦਲਣ ਲਈ ਇਕ ਬਿੱਲ ਲਿਆ ਸਕਦੀ ਹੈ, ਜੋ ਸੇਵਾ ਵਿਚ ਦਿੱਲੀ ਸਰਕਾਰ ਨੂੰ ਵਿਧਾਨਕ ਅਤੇ ਪ੍ਰਸ਼ਾਸਨਕ ਕੰਟਰੋਲ ਦੇਣ ਵਾਲੇ ਸੁਪ੍ਰੀਮ ਕੋਰਟ ਦੇ ਫ਼ੈਸਲੇ ਨੂੰ ਰੱਦ ਕਰ ਦੇਵੇਗਾ। ਇਸ ਤੋਂ ਇਲਾਵਾ ਸਰਕਾਰ ਨੈਸ਼ਨਲ ਰਿਸਰਚ ਫਾਊਂਡੇਸ਼ਨ (ਐਨ.ਆਰ.ਐਫ.) ਬਿੱਲ 2023 ਨੂੰ ਸੰਸਦ ਵਿਚ ਪੇਸ਼ ਕਰ ਸਕਦੀ ਹੈ, ਜਿਸ ਨਾਲ ਨੈਸ਼ਨਲ ਰਿਸਰਚ ਫਾਊਂਡੇਸ਼ਨ (ਐਨ.ਆਰ.ਐਫ.)) ਦੀ ਸਥਾਪਨਾ ਦਾ ਰਾਹ ਪੱਧਰਾ ਹੋ ਜਾਵੇਗਾ।

Leave a Reply

Your email address will not be published. Required fields are marked *