ਭਾਰਤ ਵਿਚ ਜਰਮਨ ਰਾਜਦੂਤ ਫਿਲਿਪ ਐਕਰਮੈਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿਖੇ ਹੋਈ ਮੀਟਿੰਗ ਦੌਰਾਨ ਜਿਥੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿਤਾ, ਉਥੇ ਸੰਧਵਾਂ ਨੇ ਜਰਮਨੀ ‘ਚ ਵਸਦੇ ਸਿੱਖਾਂ ਦੇ ਮੁੱਦਿਆਂ ‘ਤੇ ਜ਼ੋਰ ਦਿਤਾ। ਉਨ੍ਹਾਂ ਨੇ ਭਾਰਤ ਅਤੇ ਜਰਮਨੀ ਦਰਮਿਆਨ ਵੱਖ-ਵੱਖ ਖੇਤਰਾਂ ਵਿਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਕਿਹਾ ਅਤੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ਵਿਚ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸੰਧਵਾਂ ਨੇ ਫਿਲਿਪ ਐਕਰਮੈਨ ਨੂੰ ਜਰਮਨ ਤੋਂ ਪੰਜਾਬ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੇ ਨਾਲ-ਨਾਲ ਜਰਮਨ ਕੰਪਨੀਆਂ ਨੂੰ ਪੰਜਾਬ ਰਾਜ ਵਿਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਲਈ ਵੀ ਕਿਹਾ। ਇਸ ਦੌਰਾਨ ਐਕਰਮੈਨ ਨੇ ਕਿਹਾ ਕਿ ਜਰਮਨੀ ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਇੱਛੁਕ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਹੁਲਾਰਾ ਮਿਲੇਗਾ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪੀਟਰ ਸਟੇਨਲਰ, ਵਿੱਤ ਸਕੱਤਰ ਗੁਰਪ੍ਰੀਤ ਕੌਰ ਸਪਰਾ, ਸਕੱਤਰ ਵਿਧਾਨ ਸਭਾ ਰਾਮ ਲੋਕ ਖਟਾਣਾ ਆਦਿ ਹਾਜ਼ਰ ਸਨ।