ਮਹਿਲਾ ਭਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਸੰਮਨ ਜਾਰੀ ਕਰਦਿਆਂ 18 ਜੁਲਾਈ ਨੂੰ ਪੇਸ਼ ਹੋਣ ਦਾ ਹੁਕਮ ਦਿਤਾ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕੇਸ ਨੂੰ ਅੱਗੇ ਵਧਾਉਣ ਲਈ ਕਾਫੀ ਸਬੂਤ ਮੌਜੂਦ ਹਨ। ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ (ਏ.ਸੀ.ਐਮ.ਐਮ.) ਹਰਜੀਤ ਸਿੰਘ ਜਸਪਾਲ ਨੇ ਬ੍ਰਿਜ ਭੂਸ਼ਣ ਨੂੰ 18 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿਤੇ ਹਨ। ਅਦਾਲਤ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਅੱਤਲ ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਵੀ ਤਲਬ ਕੀਤਾ ਹੈ। ਸਿਟੀ ਪੁਲਿਸ ਨੇ ਬ੍ਰਿਜ ਭੂਸ਼ਣ ਵਿਰੁਧ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 354 (ਉਸਦੀ ਸ਼ਾਨ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਔਰਤ ਨਾਲ ਕੁੱਟਮਾਰ ਜਾਂ ਅਪਰਾਧਕ ਜ਼ਬਰਦਸਤੀ), 354ਏ (ਜਿਨਸੀ ਸ਼ੋਸ਼ਣ), 354ਡੀ ਅਤੇ 506 ਦੇ ਤਹਿਤ 15 ਜੂਨ ਨੂੰ ਦੋਸ਼ਪੱਤਰ ਦਾਇਰ ਕੀਤਾ ਸੀ। ਤੋਮਰ ‘ਤੇ ਆਈ.ਪੀ.ਸੀ. ਦੀਆਂ ਧਾਰਾਵਾਂ 109 (ਅਪਰਾਧ ਨੂੰ ਉਕਸਾਉਣਾ), 354, 354ਏ ਅਤੇ 506 (ਅਪਰਾਧਕ ਧਮਕੀ) ਦੇ ਤਹਿਤ ਦੋਸ਼ ਲਗਾਇਆ ਗਿਆ ਸੀ।