ਲੁਧਿਆਣਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਲੁਧਿਆਣਾ ਪੁਲਿਸ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਲੁਧਿਆਣਾ ਤੀਹਰੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿਤੀ ਹੈ। ਦੋਸ਼ੀ ਨੇ ਇਕ ਬਜ਼ੁਰਗ ਜੋੜੇ ਅਤੇ ਉਨ੍ਹਾਂ ਦੀ ਬਜ਼ੁਰਗ ਮਾਂ ਦਾ ਕਤਲ ਕਰ ਸਬੂਤ ਨਸ਼ਟ ਕਰਨ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਦੱਸ ਦੇਈਏ ਕਿ ਬੀਤੇ ਦਿਨੀਂ ਲੁਧਿਆਣਾ ‘ਚ ਤੀਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਕਤਲ ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਜਨਕ ਪੁਰੀ ਇਲਾਕੇ ਦਾ ਹੈ। ਜਿੱਥੇ ਮਾਂ, ਪੁੱਤ ਅਤੇ ਨੂੰਹ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਮ੍ਰਿਤਕਾਂ ਦੇ ਨਾਂ ਚਮਨ ਲਾਲ (72 ਸਾਲ), ਉਸ ਦੀ ਪਤਨੀ (70 ਸਾਲ) ਸੁਰਿੰਦਰ ਕੌਰ ਅਤੇ ਮਾਤਾ (90 ਸਾਲ) ਬਚਨ ਕੌਰ ਦੱਸੇ ਜਾ ਰਹੇ ਹਨ। ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਮਦਨ ਲਾਲ ਬਾਗਾ ਵੀ ਮੌਕੇ ‘ਤੇ ਪਹੁੰਚੇ ਸਨ।