ਇੰਡੀਅਨ ਸਪੇਸ ਐਂਡ ਰਿਸਰਚ ਆਰਗੇਨਾਈਜੇਸ਼ਨ (ਇਸਰੋ) ਪੰਜਾਬ ਵਿੱਚ ਇੱਕ ਸਪੇਸ ਮਿਊਜ਼ੀਅਮ ਸਥਾਪਤ ਕਰੇਗਾ, ਜਿੱਥੇ ਬੱਚੇ ਰਾਕੇਟ ਵਿਗਿਆਨ ਦੀਆਂ ਬਾਰੀਕੀਆਂ ਸਿੱਖ ਸਕਣਗੇ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸ੍ਰੀਹਰੀਕੋਟਾ ਤੋਂ ਚੰਦਰਯਾਨ-3 ਦੀ ਲਾਂਚਿੰਗ ਤੋਂ ਬਾਅਦ ਵਾਪਸ ਪਰਤੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਦਿੱਤੀ। ਬੱਚਿਆਂ ਨੇ ਚੰਦਰਯਾਨ-3 ਦੀ ਲਾਂਚਿੰਗ ਸਬੰਧੀ ਆਪਣੇ ਤਜ਼ਰਬੇ ਮੁੱਖ ਮੰਤਰੀ ਨਾਲ ਸਾਂਝੇ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸਰੋ ਨੇ ਪੰਜਾਬ ਵਿੱਚ ਪੁਲਾੜ ਅਜਾਇਬ ਘਰ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਪ੍ਰੋਜੈਕਟ ਦੀ ਸਥਾਪਨਾ ਲਈ ਸੂਬਾ ਸਰਕਾਰ ਇਸਰੋ ਨੂੰ ਪੂਰਾ ਸਹਿਯੋਗ ਦੇਵੇਗੀ। CM ਮਾਨ ਨੇ ਕਿਹਾ ਕਿ ਇਸ ਮਿਊਜ਼ੀਅਮ ਦੀ ਸਥਾਪਨਾ ਨਾਲ ਸੂਬੇ ਵਿੱਚ ਵਿਗਿਆਨ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸਰੋ ਆਉਣ ਵਾਲੇ ਦਿਨਾਂ ਵਿੱਚ ਲਗਭਗ 13 ਵੱਖ-ਵੱਖ ਪ੍ਰੋਜੈਕਟਾਂ ‘ਤੇ ਹੋਰ ਪੁਲਾੜ ਅਤੇ ਮਿਜ਼ਾਈਲ ਪ੍ਰੋਗਰਾਮ ਆਯੋਜਿਤ ਕਰੇਗਾ, ਜਿਸ ਵਿੱਚ ਰਾਜ ਦੇ ਹੋਰ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਬਾਰੇ ਆਪਣੇ ਗਿਆਨ ਦਾ ਵਿਸਥਾਰ ਕਰਨ ਲਈ ਭੇਜਿਆ ਜਾਵੇਗਾ। ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲਾਂਚਿੰਗ ਦੇਖਣ ਲਈ ਮੁਫ਼ਤ ਟੂਰ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦੇ ਰੁਖ ਨੂੰ ਹੋਰ ਵਿਸ਼ਾਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਤੋਂ ਚੁਣੇ ਗਏ 15 ਲੜਕਿਆਂ ਅਤੇ 15 ਲੜਕੀਆਂ ਦੇ ਬੈਚ ਨੂੰ ਇਸ ਯਾਤਰਾ ਲਈ ਭੇਜਿਆ ਗਿਆ ਹੈ। ਇਨ੍ਹਾਂ ਵਿਦਿਆਰਥੀਆਂ ਦੇ ਆਉਣ-ਜਾਣ, ਖਾਣ-ਪੀਣ ਅਤੇ ਰਿਹਾਇਸ਼ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਚੁੱਕਿਆ ਹੈ।