ਮੋਗਾ ਦੇ ਫੋਕਲ ਪੁਆਇੰਟ ‘ਤੇ ਸਥਿਤ ਇਕ ਭੁਜੀਆ ਬਣਾਉਣ ਵਾਲੀ ਫੈਕਟਰੀ ‘ਚ ਸੋਮਵਾਰ ਦੁਪਹਿਰ 12 ਵਜੇ ਅਚਾਨਕ ਅੱਗ ਲੱਗ ਗਈ। ਇਸ ਘਟਨਾ ‘ਚ ਇਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ, ਜਿਸ ਨੂੰ ਹਸਪਤਾਲ ‘ਚ ਡਾਕਟਰਾਂ ਨੇ ਮ੍ਰਿਤਕ ਐਲਾਨ ਦਿਤਾ। ਮੋਗਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫੋਕਲ ਪੁਆਇੰਟ ਵਿਚ ਭਿਆਨਕ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚ ਗਏ। ਉਥੇ ਪਤਾ ਲੱਗਿਆ ਕਿ ਫੈਕਟਰੀ ਵਿਚ 10 ਤੋਂ 13 ਮਜ਼ਦੂਰ ਕੰਮ ਕਰ ਰਹੇ ਸਨ, ਜਿਨ੍ਹਾਂ ’ਚੋਂ ਇਕ ਮਜ਼ਦੂਰ ਅੱਗ ਦੀ ਲਪੇਟ ਵਿਚ ਆ ਗਿਆ। ਇਸ ਮੌਕੇ ਪਹੁੰਚੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਮਜ਼ਦੂਰ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਇਸ ਦੌਰਾਨ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰਤ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਤਕ ਸਾਹਮਣੇ ਨਹੀਂ ਆਇਆ ਹੈ। ਇਸ ਘਟਨਾ ਵਿਚ ਫੈਕਟਰੀ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਸੂਚਨਾ ਮਿਲਣ ‘ਤੇ ਇਲਾਕਾ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।