ਪੰਜਾਬ ’ਚ ਹਵਾ ਸਾਫ਼ ਹੈ ਫਿਰ ਪਰਾਲੀ ਨਾਲ 300 ਕਿ.ਮੀ. ਦੂਰ ਦਿੱਲੀ ’ਚ ਪ੍ਰਦੂਸ਼ਣ ਕਿਵੇਂ ਫੈਲ ਰਿਹੈ? ਪੰਜਾਬ ਦੇ ਕਿਸਾਨ ਆਗੂ

ਪੰਜਾਬ ਦੇ ਕਿਸਾਨ ਆਗੂਆਂ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਲਈ ਉਨ੍ਹਾਂ ਨੂੰ ਬਿਨਾਂ ਕਾਰਨ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਾਸ਼ਟਰੀ ਰਾਜਧਾਨੀ ਵਿਚ ਪ੍ਰਦੂਸ਼ਣ ਲਈ ਉਦਯੋਗ, ਗੱਡੀਆਂ ’ਚੋਂ ਨਿਕਲਣ ਵਾਲਾ ਧੂੰਆਂ ਅਤੇ ਉਸਾਰੀ ਖੇਤਰ ਜ਼ਿੰਮੇਵਾਰ ਹਨ ਨਾ ਕਿ ਪਰਾਲੀ ਦਾ ਸਾੜਨਾ। ਪੰਜਾਬ ਅਤੇ ਹਰਿਆਣਾ ’ਚ ਝੋਨੇ ਦੀ ਪਰਾਲੀ ਨੂੰ ਸਾੜਨਾ ਹਰ ਸਾਲ ਅਕਤੂਬਰ ਅਤੇ ਨਵੰਬਰ ਦੇ ਮਹੀਨਿਆਂ ’ਚ ਰਾਸ਼ਟਰੀ ਰਾਜਧਾਨੀ ਵਿਚ ਪ੍ਰਦੂਸ਼ਣ ਦੇ ਪੱਧਰ ਵਿਚ ਵਾਧੇ ਦਾ ਇਕ ਮਹੱਤਵਪੂਰਨ ਕਾਰਕ ਮੰਨਿਆ ਜਾਂਦਾ ਹੈ। ਰਾਸ਼ਟਰੀ ਰਾਜਧਾਨੀ ਵਿਚ ਹਵਾ ਕੁਆਲਿਟੀ ਪਿੱਛੇ ਜਿਹੇ ਵਿਗੜਨ ਦੇ ਦੌਰਾਨ, ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਕ ਦੂਜੇ ਦੀ ਸਰਕਾਰ ਵਾਲੇ ਸੂਬਿਆਂ ’ਚ ਪਰਾਲੀ ਸਾੜਨ ਨੂੰ ਦੋਸ਼ੀ ਮੰਨਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਭਾਜਪਾ ਸ਼ਾਸਤ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ ਵੇਖਣ ਨੂੰ ਮਿਲ ਰਹੀਆਂ ਹਨ, ਜਦਕਿ ਉਨ੍ਹਾਂ ਦੇ ਸੂਬੇ (ਪੰਜਾਬ) ’ਚ ਅਜਿਹੇ ਮਾਮਲੇ ਘੱਟ ਰਹੇ ਹਨ। ਹਰਿਆਣਾ ਦੇ ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਸ਼ਨਿਚਰਵਾਰ ਨੂੰ ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਬੇਲੋੜਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਕਿਵੇਂ ਸੰਭਵ ਹੈ ਕਿ ਪੰਜਾਬ ਵਿਚ ਪਰਾਲੀ ਸਾੜਨ ਦਾ ਧੂੰਆਂ ਸਿਰਫ਼ ਦਿੱਲੀ ਵਿਚ ਹੀ ਹਵਾ ਪ੍ਰਦੂਸ਼ਣ ਦਾ ਕਾਰਨ ਬਣ ਸਕਦਾ ਹੈ ਨਾ ਕਿ ਜਲੰਧਰ, ਅੰਮ੍ਰਿਤਸਰ ਅਤੇ ਸੂਬੇ ਦੇ ਹੋਰ ਜ਼ਿਲ੍ਹਿਆਂ ਵਿਚ। ਉਨ੍ਹਾਂ ਕਿਹਾ, ‘‘ਜਿੱਥੇ ਖੇਤਾਂ ’ਚ ਪਰਾਲੀ ਸਾੜੀ ਜਾ ਰਹੀ ਹੈ, ਉੱਥੇ ਹਵਾ ਸਾਫ਼ ਹੈ ਅਤੇ ਇਹ 300 ਕਿਲੋਮੀਟਰ ਦੂਰ ਦਿੱਲੀ ਵਿਚ ਪ੍ਰਦੂਸ਼ਣ ਕਿਵੇਂ ਫੈਲਾ ਰਹੀ ਹੈ?’’ ਉਨ੍ਹਾਂ ਕਿਹਾ ਕਿ ਗੱਡੀਆਂ ਦਾ ਧੂੰਆਂ, ਉਦਯੋਗ ਅਤੇ ਨਿਰਮਾਣ ਖੇਤਰ ਦਿੱਲੀ ਦੀ ਹਵਾ ਨੂੰ ਗੰਧਲਾ ਕਰਦੇ ਹਨ। ਕੋਕਰੀਕਲਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਬਦਨਾਮ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਖਾਸ ਕਰ ਕੇ ਛੋਟੇ ਕਿਸਾਨਾਂ ਵਿਰੁਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਾਂ ਜਾਂ ਹੋਰ ਹੱਲ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 40 ਫੀ ਸਦੀ ਕਮੀ ਆਈ ਹੈ। ਅਕਤੂਬਰ ਅਤੇ ਨਵੰਬਰ ’ਚ ਰਾਸ਼ਟਰੀ ਰਾਜਧਾਨੀ ਅੰਦਰ ਹਵਾ ਪ੍ਰਦੂਸ਼ਣ ਦੇ ਪੱਧਰ ’ਚ ਚਿੰਤਾਜਨਕ ਵਾਧੇ ਦੇ ਪਿੱਛੇ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਪਰਾਲੀ ਨੂੰ ਸਾੜਨਾ ਇਕ ਕਾਰਨ ਮੰਨਿਆ ਜਾਂਦਾ ਹੈ।

Leave a Reply

Your email address will not be published. Required fields are marked *