ਜੰਮੂ-ਕਸ਼ਮੀਰ ਦੇ ਡੋਡਾ ‘ਚ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਬੱਸ ਅੱਸਾਰ ਇਲਾਕੇ ‘ਚ ਖਾਈ ‘ਚ ਡਿੱਗ ਗਈ। ਇਸ ਹਾਦਸੇ ‘ਚ ਹੁਣ ਤੱਕ 36 ਲੋਕਾਂ ਦੇ ਮੌਤ ਦੀ ਸੂਚਨਾ ਮਿਲੀ ਹੈ, ਜਦਕਿ 19 ਲੋਕ ਜਖਮੀ ਹੋਏ ਹਨ। ਜਖ਼ਮੀਆਂ ਵਿੱਚੋਂ ਛੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ‘ਤੇ ਪ੍ਰਧਾਨੰਮਤਰੀ ਮੋਦੀ ਤੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਨੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੱਸ ਹਾਦਸੇ ਦੇ ਸ਼ੋਕ ਪ੍ਰਗਟਾਉਂਦਿਆਂ ਮ੍ਰਿਤਕ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। PM ਨੇ ਕਿਹਾ- ਡੋਡਾ ਵਿੱਚ ਬੱਸ ਹਾਦਸਾ ਦੁਖਦ ਹੈ। ਇਸ ਹਾਦਸੇ ਵਿੱਚ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੱਸ ਹਾਦਸੇ ਤੇ ਦੁੱਖ ਜਤਾਇਆ ਹੈ। ਉਨ੍ਹਾਂ ਟਵੀਟਰ ‘ਤੇ ਲਿਖਿਆ ਕਿ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਇੱਕ ਬੱਸ ਹਾਦਸੇ ਵਿੱਚ ਕਈ ਯਾਤਰੀਆਂ ਦੀ ਮੰਦਭਾਗੀ ਮੌਤ ਦੀ ਖ਼ਬਰ ਤੋਂ ਮੈਨੂੰ ਬਹੁਤ ਦੁੱਖ ਹੋਇਆ ਹੈ। ਮੈਂ ਦੁਖੀ ਪਰਿਵਾਰ ਦੇ ਮੈਂਬਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੀ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੀ ਹਾਂ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਦਾ ਰਜਿਸਟ੍ਰੇਸ਼ਨ ਨੰਬਰ JK02CN-6555 ਹੈ। ਬੱਸ ਵਿੱਚ ਕਰੀਬ 55 ਯਾਤਰੀ ਮੌਜੂਦ ਸਨ। ਬੱਸ ਬਟੋਟ-ਕਿਸ਼ਤਵਾੜ ਰਾਸ਼ਟਰੀ ਰਾਜਮਾਰਗ ‘ਤੇ ਤ੍ਰਿੰਗਲ-ਅਸਾਰ ਨੇੜੇ ਸੜਕ ਤੋਂ ਫਿਸਲ ਗਈ ਅਤੇ 300 ਫੁੱਟ ਹੇਠਾਂ ਖੱਡ ‘ਚ ਜਾ ਡਿੱਗੀ। ਕੁੱਝ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕੁੱਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਚਾਅ ਟੀਮ ਮੌਕੇ ‘ਤੇ ਮੌਜੂਦ ਹੈ। ਸੀਨਿਅਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।