ਬਟਾਲਾ ਦੇ ਪਿੰਡ ਸਦਰੰਗ ਵਿਚ ਸੋਮਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸੋਮਵਾਰ ਸਵੇਰੇ ਕਰੀਬ 8.30 ਵਜੇ 12 ਸਾਲਾਂ ਬੱਚੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰੰਗੜ ਨੰਗਲ ਦੀ ਪੁਲਿਸ ਅਤੇ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਸਿੱਖ ਸੰਗਤ ਨੂੰ ਸ਼ਾਂਤ ਰਹਿਣ ਦਾ ਸੱਦਾ ਦਿੱਤਾ।
ਬੇਅਦਬੀ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਪਿੰਡ ਸਦਰਾਂਗ ਦੇ ਗੁਰਦੁਆਰਾ ਸਾਹਿਬ ਵਿਖੇ 12 ਸਾਲਾ ਬੱਚੇ ਵੱਲੋਂ ਕੀਤੀ ਗਈ ਬੇਅਦਬੀ ਦੇ ਮਾਮਲੇ ਨੇ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਹਨ। ਬੱਚੇ ਨੇ ਪਹਿਲਾਂ ਪ੍ਰਸ਼ਾਦ ਦੀ ਬੇਅਦਬੀ ਕੀਤੀ ਅਤੇ ਬਾਅਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੰਗ ਪਾੜ ਦਿੱਤਾ ਅਤੇ ਜਲਦੀ ਨਾਲ ਗੁਰਦੁਆਰਾ ਸਾਹਿਬ ਤੋਂ ਬਾਹਰ ਚਲਾ ਗਿਆ।
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਉਸ ਨੇ ਰੁਮਾਲਾ ਸਾਹਿਬ ਨਾਲ ਛੇੜਛਾੜ ਹੁੰਦੀ ਵੇਖੀ। ਗ੍ਰੰਥੀ ਸੁਖਵਿੰਦਰ ਸਿੰਘ ਨੇ ਤੁਰੰਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੂਚਿਤ ਕੀਤਾ। ਜਿਸ ਨੇ ਅੱਗੇ ਪੁਲਿਸ ਨੂੰ ਸੂਚਨਾ ਦਿੱਤੀ। ਘਟਨਾ ਦਾ ਪਤਾ ਲੱਗਦਿਆਂ ਹੀ ਸਤਿਕਾਰ ਕਮੇਟੀ ਅਤੇ ਹੋਰ ਪੰਥਕ ਆਗੂ ਮੌਕੇ ’ਤੇ ਪਹੁੰਚ ਗਏ।