ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਉਂ ਫਾਇਰਿੰਗ ਕੀਤੀ ਗਈ, ਜਿਸ ਦੇ ਚਲਦਿਆਂ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਜਦਕਿ ਕਰੀਬ 10 ਪੁਲਿਸ ਮੁਲਾਜ਼ਮ ਜ਼ਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕ ਕਾਂਸਟੇਬਲ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ। ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਅਨੁਸਾਰ ਗੋਲੀਬਾਰੀ ਵਿਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਦੀ ਮੌਤ ਹੋ ਗਈ। ਜ਼ਖ਼ਮੀਆਂ ਦੀ ਪਛਾਣ ਡੀਐਸਪੀ ਭੁਲੱਥ ਭਾਰਤ ਭੂਸ਼ਣ ਸੈਣੀ, ਏਐਸਆਈ ਸੁਖਦੇਵ ਸਿੰਘ, ਕਾਂਸਟੇਬਲ ਬੱਬਲਪ੍ਰੀਤ ਸਿੰਘ, ਏਐਸਆਈ ਅਸ਼ੋਕ ਕੁਮਾਰ, ਏਐਸਆਈ ਗੁਰਮੀਤ ਸਿੰਘ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਹਰਭਜਨ ਸਿੰਘ, ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਰਾਜ ਸਭਾ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਜ਼ਖ਼ਮੀਆਂ ਦਾ ਹਾਲ ਜਾਣਨ ਹਸਪਤਾਲ ਵੀ ਪਹੁੰਚੇ। ਦਸਿਆ ਜਾ ਰਿਹਾ ਹੈ ਕਿ ਇਸ ਗੁਰਦੁਆਰੇ ਅਤੇ ਛਾਉਣੀ ‘ਤੇ ਪਿਛਲੇ 30-40 ਸਾਲ ਤੋਂ ਬੁੱਢਾ ਦਲ ਦੇ ਬਾਬਾ ਮਾਨ ਸਿੰਘ ਤੇ ਲਾਲ ਸਿੰਘ ਕਾਬਜ਼ ਸਨ ਪਰ 3-4 ਸਾਲ ਤੋਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਦੇ ਧੜੇ ਨੇ ਕਬਜ਼ਾ ਕੀਤਾ ਹੋਇਆ ਸੀ ਤੇ 21 ਨਵੰਬਰ ਨੂੰ ਮੁੜ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਮਾਨ ਸਿੰਘ ਅਕਾਲੀ ਹਜ਼ੂਰ ਸਾਹਿਬ ਵਾਲਿਆਂ ਦੇ ਧੜੇ ਵਲੋਂ ਛਾਉਣੀ ‘ਤੇ ਕਬਜ਼ਾ ਕਰ ਲਿਆ ਗਿਆ । ਇਸ ਦੌਰਾਨ ਦੋਹਾਂ ਧੜਿਆਂ ਵਿਚ ਟਕਰਾਅ ਹੋ ਗਿਆ, ਜਿਸ ਕਾਰਨ ਦੋ ਨਿਹੰਗ ਸਿੰਘ ਜ਼ਖ਼ਮੀ ਹੋ ਗਏ ਸਨ। ਇਸ ਝੜਪ ਦੀ ਸੂਚਨਾ ਮਿਲਦਿਆਂ ਹੀ ਐਸਡੀਐਮ ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ, ਐਸਪੀ-ਹੈਡਕੁਆਟਰ ਤੇਜਵੀਰ ਸਿੰਘ ਹੁੰਦਲ, ਡੀਐਸਪੀ ਬਬਨਦੀਪ ਸਿੰਘ ਅਤੇ ਕਰੀਬ 200 ਪੁਲਿਸ ਮੁਲਾਜ਼ਮ ਉਥੇ ਪਹੁੰਚ ਗਏ ਅਤੇ ਪੂਰਾ ਇਲਾਕਾ ਛਾਉਣੀ ਵਿਚ ਤਬਦੀਲ ਹੋ ਗਿਆ। ਉਦੋਂ ਤੋਂ ਹੀ ਪ੍ਰਸ਼ਾਸਨ ਸਥਿਤੀ ‘ਤੇ ਕਾਬੂ ਪਾਉਣ ਲਈ ਵਿਵਾਦ ਨੂੰ ਸੁਲਝਾਉਣ ‘ਚ ਲੱਗਿਆ ਹੋਇਆ ਸੀ। ਇਸ ਤੋਂ ਪਹਿਲਾਂ ਬੁਧਵਾਰ ਰਾਤ ਨੂੰ ਨਿਹੰਗ ਸਿੰਘ ਮਾਨ ਸਿੰਘ ਦੇ 10 ਸੇਵਕਾਂ ਵਲੋਂ ਬਾਬਾ ਬਲਬੀਰ ਸਿੰਘ ਦੇ ਦੂਜੇ ਡੇਰੇ ਪਿੰਡ ਬੁਸੋਵਾਲ ਰੋਡ ਨੇੜੇ ਪੀਰ ਗੇਬ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੀ ਅਤੇ 10 ਨਿਹੰਗਾਂ ਨੂੰ ਗ੍ਰਿਫਤਾਰ ਕਰ ਲਿਆ।