ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈ ਬੇਅਦਬੀ ਦੀ ਘਟਨਾ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਤਮਸਤਕ ਹੋ ਕੇ, ਹੱਥ ਜੋੜ ਕੇ ਮੁਆਫ਼ੀ ਮੰਗੀ। ਸੁਖਬੀਰ ਬਾਦਲ ਨੇ ਕਿਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਅਕਾਲੀ ਸਰਕਾਰ ਵੇਲੇ ਜੋ ਬੇਅਦਬੀਆਂ ਹੋਈਆਂ ਹਨ, ਉਸ ਲਈ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਅਦਾ ਕਰਦਾ ਹੈ ਕਿ ਬੇਅਦਬੀ ਦੇ ਮਾਮਲੇ ‘ਚ ਅਸਲੀ ਮੁਲਜ਼ਮਾਂ ਨੂੰ ਜੇਲ੍ਹਾਂ ‘ਚ ਕੀਤਾ ਜਾਵੇਗਾ ਤੇ ਜਿਹਨਾਂ ਨੇ ਇਸ ਮੁੱਦੇ ‘ਤੇ ਸਿਆਸਤ ਕੀਤੀ ਹੈ ਉਹਨਾਂ ਨੂੰ ਵੀ ਬੇਨਕਾਬ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਿਆਸਤ ਕਰਨ ਵਾਲਿਆਂ ਦੇ ਚਿਹਰੇ ਕੌਮ ਅੱਗੇ ਲਿਆਂਦੇ ਜਾਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਗੱਲ ਦਾ ਹਮੇਸ਼ਾ ਰੋਸ ਰਿਹਾ ਹੈ ਕਿ ਉਹ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਅਪਣੀ ਸਰਕਾਰ ਵੇਲੇ ਫੜ ਨਹੀਂ ਸਕੇ। ਸੁਖਬੀਰ ਬਾਦਲ ਨੇ ਕਿਹਾ ਕਿ ਵਿਰੋਧੀਆਂ ਨੇ ਸਿਆਸਤ ਕਰ ਕੇ ਇਹ ਕੇਸ ਉਹਨਾਂ ਨੂੰ ਸੀਬੀਆਈ ਨੂੰ ਸੌਂਪਣ ਲਈ ਮਜ਼ਬੂਰ ਕੀਤਾ ਅਤੇ ਹੁਣ ਤੱਕ ਵੀ ਕਿਸੇ ਸਰਕਾਰ ਨੇ ਬੇਅਦਬੀ ਦੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਨਹੀਂ ਕੀਤੀ ਸਾਰੇ ਅਕਾਲੀ ਦਲ ਤੇ ਸੁਖਬੀਰ ਬਾਦਲ ਨਾਮ ਲੈਂ ਵਿਚ ਵਿਅਸਤ ਸਨ। ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਆਖਰੀ ਸਮੇਂ ਤੱਕ ਇਸ ਗੱਲ ਦਾ ਦੁੱਖ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਉਹ ਗ੍ਰਿਫ਼ਤਾਰ ਨਹੀਂ ਕਰ ਸਕੇ। ਪੰਥਕ ਸਰਕਾਰ ਵੇਲੇ ਵਾਪਰੀ ਇਹ ਘਟਨਾ ਦੁਖਦਾਈ ਸੀ। ਉਹਨਾਂ ਨੇ ਹੱਥ ਜੋੜ ਕੇ ਕਿਹਾ ਕਿ ਉਹਨਾਂ ਨੇ ਜੇ ਕਿਸੇ ਨੂੰ ਵੀ ਠੇਸ ਪਹੁੰਚਾਈ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ।