ਜਲੰਧਰ STF ਨੇ ਅੰਮ੍ਰਿਤਸਰ ਏਅਰਪੋਰਟ ਰੋਡ ਤੋਂ ਬੋਲੈਰੋ ਸਵਾਰ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਨ ਦੇ ਨਾਲ ਹੀ ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀ 26 ਦਸੰਬਰ ਨੂੰ ਜਲੰਧਰ ਐਸਟੀਐਫ ਨੇ ਤਿੰਨ ਦੋਸ਼ੀਆਂ ਕੋਲੋਂ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਸੀ। ਜਲੰਧਰ STF ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਅੰਮ੍ਰਿਤਸਰ ਏਅਰਪੋਰਟ ਰੋਡ ‘ਤੇ ਨਾਕਾਬੰਦੀ ਦੌਰਾਨ ਇੱਕ ਬੋਲੈਰੋ ਸਵਾਰ ਦੋ ਨੌਜਵਾਨਾਂ ਨੂੰ 300 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐਸਟੀਐਫ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਕੀਤੇ ਨੌਜਵਾਨ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਵਸਨੀਕ ਹਨ। ਪੁਲਿਸ ਨੂੰ ਦੇਖ ਕੇ ਜਦੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਐਸਟੀਐਫ ਦੀ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਅਧਿਕਾਰੀਆਂ ਨੇ ਦਸਿਆ ਕਿ ਐਸਟੀਐਫ ਦੇ ਏਐਸਆਈ ਅਮਨਦੀਪ ਸਿੰਘ ਨੂੰ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਹੈਰੋਇਨ ਕਿੱਥੋਂ ਲੈ ਕੇ ਲਿਆਂਦੀ ਗਈ ਤੇ ਕਿਥੇ ਵੇਚਣ ਜਾ ਰਹੇ ਸਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਜਾਂਚ ਦੌਰਾਨ ਉਨ੍ਹਾਂ ਦੇ ਪਾਕਿਸਤਾਨ ਕਨੈਕਸ਼ਨ ਦਾ ਵੀ ਪਤਾ ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ ਜਲੰਧਰ STF ਨੇ ਅੰਮ੍ਰਿਤਸਰ ਦੇ ਚੱਬਾ ਮੋੜ ‘ਤੇ ਨਾਕਾ ਲਗਾਇਆ ਸੀ, ਜਿਸ ਦੌਰਾਨ 3 ਦੋਸ਼ੀਆਂ ਕੋਲੋਂ ਡੇਢ ਕਿੱਲੋ ਹੈਰੋਇਨ ਬਰਾਮਦ ਹੋਈ ਸੀ।