ਗੁਰਦਾਸਪੁਰ ਪੁਲਿਸ ਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 9 ਪਿਸਤੌਲ, 10 ਮੈਗਜ਼ੀਨ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ 15000 ਡਰੱਗ ਮਨੀ ਅਤੇ 1.50 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਵੀ ਆਪਣੇ ਟਵਿੱਟਰ ਹੈਂਡਲ ‘ਤੇ ਇਸ ਗਿਰੋਹ ਦੀ ਗ੍ਰਿਫਤਾਰੀ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਗਰੋਹ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਵੱਖ-ਵੱਖ ਮਾਮਲਿਆਂ ‘ਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤਾ ਮੁਲਜ਼ਮ ਰੁਪਿੰਦਰ ਸਿੰਘ ਵਾਸੀ ਛੱਤੀਸਗੜ੍ਹ ਐਨਡੀਪੀਐਸ (ਨਸ਼ਾ ਤਸਕਰੀ) ਦੇ ਇੱਕ ਕੇਸ ਵਿੱਚ ਲੋੜੀਂਦਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਮਹਾਰਾਸ਼ਟਰ ਦਾ ਰਹਿਣ ਵਾਲਾ ਮਨੀ ਉਰਫ਼ ਮੌ ਵੀ ਸ਼ਾਮਲ ਹੈ। ਇਹ ਪੰਜਾਬ ਵਿਚ ਗੈਂਗਸਟਰਾਂ ਅਤੇ ਅਰਾਜਕਤਾਵਾਦੀ ਤੱਤਾਂ ਨੂੰ ਹਥਿਆਰ ਸਪਲਾਈ ਕਰਦਾ ਸੀ। ਉਹ ਪੰਜਾਬ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਦੋ ਮੁੱਖ ਸਰਗਨਾ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਹੋਰ ਦੋਸ਼ੀ ਵੀ ਪੁਲਿਸ ਨੂੰ ਲੋੜੀਂਦੇ ਸਨ। ਇਹ ਸਾਰੇ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰਦੇ ਸਨ।