ਪੰਜਾਬ ਵਿਚ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਦੀ ਅੰਮ੍ਰਿਤਸਰ ਮੀਟਿੰਗ ਵਿੱਚ ਹੰਗਾਮਾ ਹੋਇਆ। ਇਹ ਮੀਟਿੰਗ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਦੇ ਨਾਂ ‘ਤੇ ਚਰਚਾ ਕਰਨ ਲਈ ਰੱਖੀ ਗਈ ਸੀ। ਲੋਕ ਸਭਾ ਉਮੀਦਵਾਰ ਲਈ ਜਿਵੇਂ ਹੀ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦਾ ਨਾਂ ਆਇਆ ਤਾਂ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਸਮਰਥਕ ਗੁੱਸੇ ਵਿੱਚ ਆ ਗਏ। ਉਨ੍ਹਾਂ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ। ਇਹ ਦੇਖ ਕੇ ਓਪੀ ਸੋਨੀ ਦੇ ਸਮਰਥਕਾਂ ਨੇ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਵੇਂ ਹੀ ਕਾਂਗਰਸ ਇੰਚਾਰਜ ਮੀਟਿੰਗ ਹਾਲ ਵਿਚ ਦਾਖ਼ਲ ਹੋਏ ਤਾਂ 10 ਮਿੰਟਾਂ ਵਿੱਚ ਹੀ ਹੰਗਾਮਾ ਸ਼ੁਰੂ ਹੋ ਗਿਆ। ਹਾਲਾਂਕਿ ਇਸ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਸਮਰਥਕਾਂ ਨੂੰ ਸ਼ਾਂਤ ਕੀਤਾ। ਜਦੋਂ ਕਿ ਜਨਰਲ ਸਕੱਤਰ ਸੰਦੀਪ ਸੰਧੂ ਸਟੇਜ ਤੋਂ ਅਪੀਲ ਕਰਦੇ ਰਹੇ ਕਿ ਹੁਣੇ ਚਰਚਾ ਸ਼ੁਰੂ ਹੋਈ ਹੈ, ਤੁਸੀਂ ਬੈਠੋ। ਓਪੀ ਸੋਨੀ ਦੇ ਸਮਰਥਕਾਂ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਹਿੰਦੂ ਚਿਹਰੇ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਵਾਰ ਹਿੰਦੂ ਚਿਹਰੇ ਨੂੰ ਅੱਗੇ ਲਿਆਉਣਾ ਚਾਹੀਦਾ ਹੈ। ਇਹ ਸੁਣ ਕੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਕਿ ਇਹ ਗੁਰੂਆਂ ਦੀ ਨਗਰੀ ਹੈ। ਇੱਥੇ ਸਿੱਖ ਅਹਿਮ ਹਨ ਅਤੇ ਹਿੰਦੂ ਵੀ ਮਹੱਤਵਪੂਰਨ ਹਨ। ਹੁਣ ਸਮਾਂ ਆ ਗਿਆ ਹੈ, ਪਾਰਟੀ ਨੇ ਫੈਸਲਾ ਲੈਣਾ ਹੈ। ਦੇਵੇਂਦਰ ਯਾਦਵ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਲਈ ਕੋਈ ਥਾਂ ਨਹੀਂ ਹੈ। ਜੋ ਵੀ ਅਜਿਹਾ ਕਰੇਗਾ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਨਵਜੋਤ ਸਿੱਧੂ ਅੰਮ੍ਰਿਤਸਰ ਵਿੱਚ ਹੋਈ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਨਹੀਂ ਆਏ। ਸਿੱਧੂ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅੰਮ੍ਰਿਤਸਰ ਤੋਂ ਵਿਧਾਇਕ ਵੀ ਰਹੇ, ਹਾਲਾਂਕਿ ਉਹ ਇੱਥੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਹਾਰ ਗਏ ਸਨ। ਇਸ ਤੋਂ ਪਹਿਲਾਂ ਸਿੱਧੂ ਨੇ ਚੰਡੀਗੜ੍ਹ ਵਿੱਚ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਵਲੋਂ ਰੱਖੀ ਮੀਟਿੰਗ ਵਿਚ ਵੀ ਸ਼ਮੂਲੀਅਤ ਨਹੀਂ ਕੀਤੀ ਸੀ। ਮੀਟਿੰਗ ਵਿਚ ਪੁੱਜੇ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਦੱਸਿਆ ਕਿ ਇਹ ਮੀਟਿੰਗ ਵਰਕਰਾਂ ਲਈ ਰੱਖੀ ਗਈ ਹੈ। ਇਸ ਵਿੱਚ ਕਿਸੇ ਵੀ ਲੋਕ ਸਭਾ ਉਮੀਦਵਾਰ ਦੀ ਭਾਲ ਨਹੀਂ ਕੀਤੀ ਜਾ ਰਹੀ ਹੈ। ਕਾਂਗਰਸ ਸਿਰਫ ਚੋਣਾਂ ਲਈ ਰਣਨੀਤੀ ਬਣਾ ਰਹੀ ਹੈ। ਰਾਜਾ ਵੜਿੰਗ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਵਿਚ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਤਹਿਤ 2024 ਦੀਆਂ ਲੋਕ ਸਭਾ ਚੋਣਾਂ ਲਈ ਵਰਕਰਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਨਵਜੋਤ ਸਿੱਧੂ ਦੀ ਗੈਰ-ਹਾਜ਼ਰੀ ‘ਤੇ ਵੜਿੰਗ ਨੇ ਕਿਹਾ ਕਿ ਜ਼ਰੂਰੀ ਨਹੀਂ ਕਿ ਹਰ ਵਿਅਕਤੀ ਕੈਮਰੇ ‘ਤੇ ਨਜ਼ਰ ਆਵੇ। ਇਸ ਹੰਗਾਮੇ ਬਾਰੇ ਜਦੋਂ ਪ੍ਰਤਾਪ ਬਾਜਵਾ ਨੂੰ ਸਵਾਲ ਪੁੱਛਿਆ ਗਿਆ ਤਾਂ ਉਹ ਬਿਨਾਂ ਕੁਝ ਬੋਲੇ ਸਟੇਜ ‘ਤੇ ਚਲੇ ਗਏ।