ਹਰਿਆਣਾ ਵਿਚ ਕਿਸਾਨ ਜਥੇਬੰਦੀਆਂ ਦੇ ਦਿੱਲੀ ਵੱਲ ਮਾਰਚ ਨੂੰ ਲੈ ਕੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿਤੀ ਹੈ। ਅੰਬਾਲਾ, ਸੋਨੀਪਤ ਅਤੇ ਝੱਜਰ ‘ਚ ਧਾਰਾ 144 ਲਾਗੂ ਕਰ ਦਿਤੀ ਗਈ ਹੈ, ਜਦਕਿ ਪੁਲਿਸ ਪ੍ਰਸ਼ਾਸਨ ਸਾਰੇ ਜ਼ਿਲ੍ਹਿਆਂ ‘ਚ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰ ਰਿਹਾ ਹੈ। ਹਰਿਆਣਾ ਪੁਲਿਸ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 50 ਕੰਪਨੀਆਂ ਤਾਇਨਾਤ ਕੀਤੀਆਂ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਪੁਲਿਸ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ ਮਾਰ ਰਹੀ ਹੈ ਅਤੇ ਕਥਿਤ ਤੌਰ ’ਤੇ ਧਮਕੀਆਂ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ ਨੂੰ ਕੌਮਾਂਤਰੀ ਸਰਹੱਦ ਵਾਂਗ ਸੀਲ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਕਈ ਮੰਗਾਂ ਨੂੰ ਮੰਨਣ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ 13 ਫਰਵਰੀ ਨੂੰ 200 ਤੋਂ ਵੱਧ ਕਿਸਾਨ ਯੂਨੀਅਨਾਂ ਦੁਆਰਾ ‘ਦਿੱਲੀ ਚਲੋ’ ਮਾਰਚ ਦਾ ਸੱਦਾ ਦਾ ਐਲਾਨ ਕੀਤਾ ਗਿਆ ਸੀ।