‘ਦਿੱਲੀ ਚਲੋ’ ਮਾਰਚ ਸ਼ੁਰੂ ਕਰਨ ਲਈ ਕਿਸਾਨ ਇਕ ਵਾਰ ਫਿਰ ਬੁੱਧਵਾਰ ਸਵੇਰੇ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਇਕੱਠੇ ਹੋਏ, ਜਿਸ ਕਾਰਨ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਵਿਚ ਹਰਿਆਣਾ ਦੀ ਸਰਹੱਦ ‘ਤੇ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਜਦੋਂ ਕੁੱਝ ਕਿਸਾਨ ਸ਼ੰਭੂ ਸਰਹੱਦ ‘ਤੇ ਬੈਰੀਕੇਡ ਨੇੜੇ ਇਕੱਠੇ ਹੋਏ ਤਾਂ ਹਰਿਆਣਾ ਪੁਲਿਸ ਨੇ ਬੁੱਧਵਾਰ ਸਵੇਰੇ 8 ਵਜੇ ਦੇ ਕਰੀਬ ਅੱਥਰੂ ਗੈਸ ਦੇ ਕਈ ਗੋਲੇ ਦਾਗੇ। ਮੰਗਲਵਾਰ ਨੂੰ ਪੰਜਾਬ-ਹਰਿਆਣਾ ਸਰਹੱਦ ‘ਤੇ ਦੋ ਪੁਆਇੰਟਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ। ਮੰਗਲਵਾਰ ਨੂੰ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਕਿਸਾਨ ਆਗੂਆਂ ਨੇ ਧਰਨਾ ਦਿਨ ਭਰ ਲਈ ਮੁਲਤਵੀ ਕਰ ਦਿਤਾ ਸੀ। ਉਨ੍ਹਾਂ ਕਿਹਾ ਕਿ ਉਹ ਬੁੱਧਵਾਰ ਨੂੰ ਸ਼ੰਭੂ ਸਰਹੱਦ ਤੋਂ ਮਾਰਚ ਮੁੜ ਸ਼ੁਰੂ ਕਰਨਗੇ। ਮੰਗਲਵਾਰ ਨੂੰ ਸ਼ੰਭੂ ਸਰਹੱਦ ਨੇੜੇ ਸੀਮਿੰਟ ਨਾਲ ਬਣੇ ਬੈਰੀਅਰਾਂ ਨੂੰ ਹਟਾਉਣ ਲਈ ਕਿਸਾਨਾਂ ਨੇ ਟਰੈਕਟਰਾਂ ਦੀ ਵਰਤੋਂ ਕੀਤੀ। ਧਰਨਾਕਾਰੀ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਘੱਗਰ ਨਦੀ ਦੇ ਪੁਲ ’ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਡ ਦੇ ਹਿੱਸੇ ਵਜੋਂ ਇਹ ਬੈਰੀਅਰ ਲਾਏ ਗਏ ਸਨ। ਹਰਿਆਣਾ ਪੁਲਿਸ ਨੇ ਕਿਹਾ ਸੀ ਕਿ ਸਥਿਤੀ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਹ ਅਪਣੀਆਂ ਮੰਗਾਂ ਮੰਨਣ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ ਦਿੱਲੀ ਵੱਲ ਮਾਰਚ ਕਰਨ ਲਈ ਦ੍ਰਿੜ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਹੈ ਕਿ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਅਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ‘ਤੇ ਦਬਾਅ ਬਣਾਉਣ ਲਈ ਮੰਗਲਵਾਰ ਨੂੰ ਦਿੱਲੀ ਵੱਲ ਮਾਰਚ ਕਰਨਗੇ।