ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਦੌਰਾਨ ਹਰਿਆਣਾ ਸਰਕਾਰ ਵਲੋਂ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 15 ਫਰਵਰੀ ਨੂੰ 4 ਘੰਟਿਆਂ ਲਈ ਪੰਜਾਬ ਵਿਚ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਜਥੇਬੰਦੀ ਵਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤਕ ਰੇਲਾਂ ਰੋਕੀਆਂ ਜਾਣਗੀਆਂ। ਇਸ ਦੌਰਾਨ ਯੂਨੀਅਨ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਦਿੱਲੀ ਚੱਲੋ ਦੇ ਸੱਦੇ ‘ਤੇ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਸੜਕਾਂ ਉਤੇ ਪਥਰੀਲੀਆਂ ਕੰਧਾਂ ਕੱਢਣ, ਕਿੱਲਾਂ ਗੱਡਣ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵਲੋਂ ਜਾਰੀ ਸਾਂਝੇ ਬਿਆਨ ਵਿਚ ਕੇਂਦਰ ਦੀ ਭਾਜਪਾ ਸਰਕਾਰ ਉਤੇ ਦੋਸ਼ ਲਾਇਆ ਗਿਆ ਹੈ ਕਿ ਇਕ ਪਾਸੇ ਦੇਸ਼ ਅੰਦਰ ਜਮਹੂਰੀਅਤ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਕਿਸਾਨਾਂ ਵਲੋਂ ਸੰਘਰਸ਼ ਕਰਨ ਦੇ ਸੰਵਿਧਾਨਕ ਜਮਹੂਰੀ ਅਧਿਕਾਰ ਦਾ ਘਾਣ ਕੀਤਾ ਜਾ ਰਿਹਾ ਹੈ।