ਸੰਯੁਕਤ ਕਿਸਾਨ ਮੋਰਚੇ ਵੱਲੋਂ ਚੱਕ ਬਾਹਮਣੀਆਂ ਟੋਲ ਪਲਾਜ਼ਾ ‘ਤੇ ਧਰਨਾ ਦੇ ਕੇ ਗੱਡੀਆਂ ਨੂੰ ਬਿਨਾਂ ਟੋਲ ਦੇ ਲੰਘਾ ਕੇ ਟੋਲ ਫਰੀ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਹਲਕਾ ਪ੍ਰਧਾਨ ਕੁਲਜੀਤ ਸਿੰਘ ਹੁੰਦਲ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਹਰਿਆਣਾ ਸਰਹੱਦ ‘ਤੇ ਕਿਸਾਨਾਂ ਨਾਲ ਕੀਤਾ ਗਿਆ ਸਲੂਕ ਨਿੰਦਣਯੋਗ ਹੈ ਅਤੇ ਸਰਕਾਰ ਦੀ ਇਸ ਚਾਲ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। 16 ਤਰੀਕ ਨੂੰ ਭਾਰਤ ਬੰਦ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਖੁਦ ਹੀ ਦਿੱਲੀ ਨੂੰ ਜਾਣ ਵਾਲੇ ਰਸਤੇ ਬੰਦ ਕਰ ਦਿੱਤੇ ਹਨ ਅਤੇ ਵੱਡੀਆਂ-ਵੱਡੀਆਂ ਕੰਧਾਂ ਬਣਾਈਆਂ ਹੋਈਆਂ ਹਨ। ਇੱਥੋਂ ਤੱਕ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਵੀ ਸਰਕਾਰ ਨੇ ਅਜਿਹੇ ਪ੍ਰਬੰਧ ਨਹੀਂ ਕੀਤੇ ਹਨ, ਜਿਹੋ ਜਿਹੇ ਪੰਜਾਬ-ਹਰਿਆਣਾ ਬਾਰਡਰ ਅਤੇ ਦਿੱਲੀ ਬਾਰਡਰ ‘ਤੇ ਕੀਤੇ ਗਏ ਹਨ। ਕਿਸਾਨਾਂ ਨੂੰ ਸੱਟਾਂ ਲੱਗੀਆਂ ਹਨ ਤੇ ਦੇਸ਼ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਜਿਨ੍ਹਾਂ ਮੰਗਾਂ ‘ਤੇ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਤੇ ਹੋਰ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਹੀ ਮੰਗਾਂ ਸੰਯੁਕਤ ਕਿਸਾਨ ਮੋਰਚੇ ਦੀਆਂ ਹਨ। ਇਸ ਮੌਕੇ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਹਨ।