ਐਸਟੀਐਫ ਦੀ ਟੀਮ ਨੇ ਹੈਰੋਇਨ ਦੀ ਤਸਕਰੀ ਦੇ ਮਾਮਲੇ ‘ਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ 10 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ। ਐਸਟੀਐਫ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਾਭਾ ਦੀ ਛੱਜੂ ਸਿੰਘ ਖੱਟੜਾ ਕਾਲੋਨੀ ਵਾਸੀ ਸ਼ੁਭਮ ਕੁਮਾਰ ਉਰਫ ਅਮਨ ਉਰਫ ਡੈਕਲਸ ਅਤੇ ਮੁਹੱਲਾ ਜੁਨੇਜਾ ਕਾਲੋਨੀ ਟਿੱਬਾ ਰੋਡ ਲੁਧਿਆਣਾ ਦੇ ਰਹਿਣ ਵਾਲੇ ਹਨੀ ਕੁਮਾਰ ਉਰਫ ਹਨੀ ਵਜੋਂ ਹੋਈ ਹੈ। ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਦੋਵੇਂ ਮੁਲਜ਼ਮ ਪਿਛਲੇ ਕਈ ਸਾਲਾ ਤੋਂ ਹੈਰੋਇਨ ਦੀ ਤਸਕਰੀ ਕਰ ਰਹੇ ਹਨ l ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਇਸ ਵੇਲੇ ਵੀ ਆਪਣੇ ਮੋਟਰਸਾਈਕਲ ‘ਤੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਨੇ ਚੰਡੀਗੜ੍ਹ ਰੋਡ ‘ਤੇ ਵਰਧਮਾਨ ਮਿਲ ਨੇੜੇ ਨਾਕਾਬੰਦੀ ਕਰ ਕੇ ਮੋਟਰਸਾਈਕਲ ਸਵਾਰ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ । ਪੁਲਿਸ ਨੇ ਜਦ ਉਨ੍ਹਾਂ ਦੇ ਪਿੱਠੂ ਬੈਗ ਦੀ ਤਲਾਸ਼ੀ ਲਈ ਤਾਂ ਬੈਗ ‘ਚੋਂ 1 ਕਿਲੋ 970 ਗ੍ਰਾਮ ਹੈਰੋਇਨ ਨਿਕਲੀ। ਮੁਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਸ਼ੁਭਮ ਕੁਮਾਰ ਨੇ ਦੱਸਿਆ ਕਿ ਉਸ ਦੇ ਖਿਲਾਫ ਕਈ ਵੱਖ-ਵੱਖ ਸੰਗੀਨ ਜੁਰਮਾਂ ਦੇ ਮੁਕੱਦਮੇ ਦਰਜ ਹਨ l ਉਸ ਨੇ ਦੱਸਿਆ ਕਿ ਉਹ ਅਗਸਤ 2023 ‘ਚ ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਇਆ ਸੀ l ਪੜਤਾਲ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਦੋਵੇਂ ਮੁਲਜ਼ਮ ਹੈਰੋਇਨ ਦਾ ਨਸ਼ਾ ਕਰਨ ਦੇ ਆਦੀ ਹਨ ਤੇ ਕਈ ਸਾਲਾਂ ਤੋਂ ਇਕੱਠੇ ਰਲ ਕੇ ਤਸਕਰੀ ਕਰ ਰਹੇ ਹਨ। ਇੰਸਪੈਕਟਰ ਹਰਬੰਸ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿੱਛ ਕਰ ਕੇ ਹੋਰ ਜਾਣਕਾਰੀਆਂ ਇਕੱਠੀਆਂ ਕੀਤੀਆਂ ਜਾਣਗੀਆਂ l