ਥਾਣਾ ਨੰਬਰ ਅੱਠ ਦੀ ਹੱਦ ’ਚ ਪੈਂਦੇ ਗਦਈਪੁਰ ’ਚ ਰਹਿਣ ਵਾਲੀ ਇਕ ਲੜਕੀ ਨੇ ਬੀਤੀ ਰਾਤ ਆਪਣੇ ਕਮਰੇ ’ਚ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਰੋਸ਼ਨੀ ਵਾਸੀ ਗਦਈਪੁਰ ਨੇ ਸ਼ਨਿੱਚਰਵਾਰ ਦੇਰ ਰਾਤ ਢਾਈ ਵਜੇ ਦੇ ਕਰੀਬ ਆਪਣੇ ਕਮਰੇ ’ਚ ਫਾਹਾ ਲਾ ਲਿਆ। ਜਦ ਪਰਿਵਾਰ ਵਾਲਿਆਂ ਨੂੰ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਚੌਕੀ ਫੋਕਲ ਪੁਆਇੰਟ ਦੀ ਪੁਲਿਸ ਨੂੰ ਦਿੱਤੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਭੇਜ ਦਿੱਤੀ। ਜਾਂਚ ਦੌਰਾਨ ਇਹੀ ਗੱਲ ਸਾਹਮਣੇ ਆਈ ਹੈ ਕਿ ਰੋਸ਼ਨੀ ਦੇ ਘਰ ’ਚ ਉਸ ਦੇ ਵਿਆਹ ਦੀ ਗੱਲਬਾਤ ਚੱਲ ਰਹੀ ਸੀ ਪਰ ਉਹ ਜਿਸ ਥਾਂ ’ਤੇ ਉਸ ਦੇ ਘਰ ਵਾਲੇ ਕਹਿ ਰਹੇ ਸਨ ਉਥੇ ਵਿਆਹ ਨਹੀਂ ਕਰਵਾਉਣਾ ਚਾਹੁੰਦੀ ਸੀ। ਜਿਸ ਕਾਰਨ ਉਸ ਦਾ ਆਪਣੇ ਪਰਿਵਾਰ ਵਾਲਿਆਂ ਨਾਲ ਇਸ ਗੱਲ ਨੂੰ ਲੈ ਕੇ ਵਿਵਾਦ ਹੋ ਰਿਹਾ ਸੀ। ਥਾਣਾ ਨੰਬਰ ਅੱਠ ਦੇ ਮੁਖੀ ਇੰਸਪੈਕਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਹਾਲੇ ਤਕ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਕੀ ਲੜਕੀ ਨੇ ਖੁਦਕੁਸ਼ੀ ਕਿਉਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਲੜਕੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਕਾਰਵਾਈ ਕਰੇਗੀ। ਹਾਲੇ ਤਕ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਨਹੀਂ ਹੋ ਸਕੇ। ਜਿਵੇਂ ਹੀ ਪਰਿਵਾਰ ਵਾਲਿਆਂ ਦੇ ਬਿਆਨ ਆਉਣਗੇ, ਉਸੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।