ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਦੋ ਘੰਟੇ ਰੇਲ ਰੋਕੇ ਜਾਣ ਦਾ ਸੱਦਾ ਦਿੱਤਾ ਸੀ। ਐਲਾਨੇ ਰੇਲ ਰੋਕੋ ਅੰਦੋਲਨ ਦੇ ਹਿੱਸੇ ਵਜੋਂ ਦੇਵੀਦਾਸਪੁਰ ‘ਚ ਰੇਲਾਂ ਰੋਕਣ ਦੀ ਕੋਸ਼ਿਸ਼ ਕਰ ਰਹੇ ਪਾਰਟੀ ਆਗੂ ਹਰਬੀਰ ਸਿੰਘ ਸੰਧੂ ਤੇ ਹੋਰਨਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅੰਮ੍ਰਿਤਸਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਕੌਮੀ ਮੀਤ ਪ੍ਰਧਾਨ ਜਸਪਾਲ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੰਧੂ ਨੇ ਦੱਸਿਆ ਕਿ ਪੁਲਿਸ ਉਨ੍ਹਾਂ ਨੂੰ ਵੈਨ ‘ਚ ਬਿਠਾ ਕੇ ਅਣਪਛਾਤੇ ਥਾਣੇ ਲੈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਜੰਡਿਆਲਾ ਗੁਰੂ ਨੇੜੇ ਪੈਂਦੇ ਦੇਵੀਦਾਸਪੁਰ ਰੇਲਵੇ ਟ੍ਰੈਕ ਸਾਹਮਣੇ ਸਵੇਰੇ 11 ਵਜੇ ਤੋਂ 3 ਵਜੇ ਤਕ ਰੇਲ ਗੱਡੀ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਗੁਰਚਰਨ ਸਿੰਘ ਭੁੱਲਰ ਅਤੇ ਜਸਪਾਲ ਭੁੱਲਰ ਸਮੇਤ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।