ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੁਣ 13 ਮਾਰਚ ਨੂੰ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਯੂਨੀਅਨ ਵਲੋਂ 11 ਮਾਰਚ ਨੂੰ ਸਾਰੇ ਟਰਾਂਸਪੋਰਟ ਡਿਪੂਆਂ ’ਤੇ ਗੇਟ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸਾਰੇ ਡਿਪੂਆਂ ’ਤੇ ਬੱਸਾਂ ਰੋਕੀਆਂ ਜਾਣਗੀਆਂ। ਯੂਨੀਅਨ ਦੇ ਅਧਿਕਾਰੀਆਂ ਨੇ ਦਸਿਆ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਵਿਚ ਅੜਿੱਕਾ ਪੈਦਾ ਕਰਨ ਤੋਂ ਤੰਗ ਆ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਯੂਨੀਅਨ ਮੈਂਬਰ 13 ਮਾਰਚ ਨੂੰ ਮੁਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਵੀ ਕਰਨਗੇ। ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸਮੂਹ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵਾਰ-ਵਾਰ ਮੀਟਿੰਗਾਂ ਬੁਲਾ ਕੇ ਮੰਨੀਆਂ ਹੋਈਆਂ ਮੰਗਾਂ ਨੂੰ ਤੋੜ-ਮਰੋੜ ਕੇ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੁਝ ਅਧਿਕਾਰੀ ਟਰਾਂਸਪੋਰਟ ਮੰਤਰੀ, ਟਰਾਂਸਪੋਰਟ ਸਕੱਤਰ, ਐਮ.ਡੀ ਨਾਲ ਹਾਲ ਹੀ ਵਿੱਚ ਹੋਈਆਂ ਮੀਟਿੰਗਾਂ ਵਿੱਚ ਲਏ ਫੈਸਲਿਆਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ।