ਲੋਕ ਸਭਾ ਚੋਣਾਂ ਦੀਆਂ ਤਿਆਰੀਆਂ, ਪੰਜਾਬ ਵਿਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹੁੰਚੀਆਂ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਮਿਲੀਆਂ ਹਨ। ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਕੇਂਦਰੀ ਬਲਾਂ ਦੀਆਂ ਟੁਕੜੀਆਂ ਨੂੰ ਰਾਜ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਜ਼ਿਲ੍ਹਿਆਂ ਦੇ ਪੋਲਿੰਗ ਸਟੇਸ਼ਨਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਦੀਆਂ 25 ਕੰਪਨੀਆਂ ਪੰਜਾਬ ਪਹੁੰਚ ਗਈਆਂ ਹਨ। ਇਨ੍ਹਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਨ੍ਹਾਂ ਸੁਰੱਖਿਆ ਬਲਾਂ ਨੂੰ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਕਾਇਮ ਕੀਤਾ ਜਾ ਸਕੇ। ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਹੋਰ ਬਲ ਤਾਇਨਾਤ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖਣ ਅਤੇ ਫਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਪੁਲਿਸ ਦੀ ਕੁੱਲ ਨਫ਼ਰੀ ਦਾ 30 ਫ਼ੀਸਦੀ ਹਿੱਸਾ ਸੂਬੇ ਦੇ ਸਾਰੇ ਥਾਣਿਆਂ ਵਿੱਚ ਕੰਮ ਕਰਨ ਅਤੇ ਸ਼ਹਿਰੀ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਰੁਟੀਨ ਡਿਊਟੀ ’ਤੇ ਰਹੇਗਾ। ਚੋਣ ਡਿਊਟੀ ਦੌਰਾਨ ਸੁਰੱਖਿਆ ਲਈ 70 ਫੀਸਦੀ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹਿਣਗੇ। ਪੰਜਾਬ ਪੁਲਿਸ ਦੇ ਜਵਾਨ ਪੋਲਿੰਗ ਸਟੇਸ਼ਨਾਂ ਤੋਂ ਈ.ਵੀ.ਐਮ ਅਤੇ ਹੋਰ ਚੋਣ ਡਿਊਟੀਆਂ ਤੱਕ ਕੇਂਦਰੀ ਬਲਾਂ ਦੇ ਨਾਲ-ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।

Leave a Reply

Your email address will not be published. Required fields are marked *