ਭਾਜਪਾ ’ਚ ਸ਼ਾਮਲ ਹੋ ਸਕਦੇ ਨੇ MP ਸੁਸ਼ੀਲ ਰਿੰਕੂ ਅਤੇ MLA ਸ਼ੀਤਲ ਅੰਗੁਰਾਲ! ਪੰਜਾਬ ਦੀ ਸਿਆਸਤ ’ਚ ਵੱਡਾ ਤੂਫ਼ਾਨ

ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿਚ ਜ਼ੋਰ-ਸ਼ੋਰ ਨਾਲ ਜੁਟੀਆਂ ਹੋਈਆਂ ਹਨ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ‘ਚ ਨੇਤਾਵਾਂ ਦੇ ਦਲ-ਬਦਲੀ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਦੀ ਸਿਆਸਤ ਵਿਚ ਵੱਡਾ ਭੂਚਾਲ ਆਉਣ ਵਾਲਾ ਹੈ। ਆਮ ਆਦਮੀ ਪਾਰਟੀ ਪੰਜਾਬ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਇਸ ਨੂੰ ਲੈ ਕੇ ਸੋਸ਼ਲ ਮੀਡੀਆ ਉਤੇ ਵੀ ਚਰਚਾਵਾਂ ਜਾਰੀ ਹਨ, ਹਾਲਾਂਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਇਸ ਨੂੰ ਲੈ ਕੇ ਕੋਈ ਸਪੱਸ਼ਟ ਬਿਆਨ ਨਹੀਂ ਦਿਤਾ ਹੈ। ਸੂਤਰਾਂ ਅਨੁਸਾਰ ਸੁਸ਼ੀਲ ਕੁਮਾਰ ਰਿੰਕੂ ਦੋ ਦਿਨ ਤੋਂ ਅਯੁੱਧਿਆ ਵਿਚ ਹਨ ਜਦਕਿ ਸ਼ੀਤਲ ਅੰਗੁਰਾਲ ਦਿੱਲੀ ਵਿਚ ਹਨ। ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਹਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਇਕ ਵਾਰ ਫਿਰ ਇਸ ਸੀਟ ਤੋਂ ਉਮੀਦਵਾਰ ਬਣਾਇਆ ਹੈ। ਪਿਛਲੇ ਦਿਨਾਂ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ, ਮੌਜੂਦਾ ਸੰਸਦ ਮੈਂਬਰ ਅਤੇ ਵਿਧਾਇਕ ਵੀ ਪਾਰਟੀ ਛੱਡ ਚੁੱਕੇ ਹਨ। ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੇਪੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਜਦਕਿ ਸੰਸਦ ਮੈਂਬਰ ਪ੍ਰਨੀਤ ਕੌਰ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਕੱਲ੍ਹ ਸ਼ੁੱਕਰਵਾਰ ਨੂੰ ਵਿਧਾਇਕ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੇਪੀ 9 ਮਾਰਚ ਨੂੰ ‘ਆਪ’ ਵਿਚ ਸ਼ਾਮਲ ਹੋਏ ਸਨ। 14 ਮਾਰਚ ਨੂੰ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਦੀ ਟਿਕਟ ਮਿਲੀ ਸੀ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੂੰ ਲੋਕ ਸਭਾ ਟਿਕਟ ਦੇਣ ਦੀ ਚਰਚਾ ਚੱਲ ਰਹੀ ਹੈ। ਪੰਜਾਬ ਵਿਚ ਲੋਕ ਸਭਾ ਦੀਆਂ 13 ਸੀਟਾਂ ਹਨ। ਜਿਨ੍ਹਾਂ ਵਿਚੋਂ ਆਮ ਆਦਮੀ ਪਾਰਟੀ ਨੇ ਅੱਠ ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ‘ਆਪ’ ਨੇ ਲੋਕ ਸਭਾ ਚੋਣਾਂ ਵਿਚ ਅਪਣੇ ਪੰਜ ਮੰਤਰੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ, ਜਿਸ ਵਿਚ ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਪਟਿਆਲਾ ਤੋਂ ਡਾ. ਬਲਬੀਰ ਸਿੰਘ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ ਦੇ ਨਾਂ ਸ਼ਾਮਲ ਹਨ। ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਇਕ ਵਾਰ ਫਿਰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ‘ਆਪ’ ਸਰਗਰਮ ਮੋਡ ‘ਚ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਕਈ ਮੀਟਿੰਗਾਂ ਕੀਤੀਆਂ ਹਨ।

Leave a Reply

Your email address will not be published. Required fields are marked *