ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ ‘ਚੋਂ 4 ਦੀ ਮੰਗਲਵਾਰ ਰਾਤ ਨੂੰ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 4 ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਚਾਰਾਂ ਦੀ ਵੀ ਬੁੱਧਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਇਲਾਵਾ 12 ਲੋਕ ਅਜੇ ਵੀ ਗੰਭੀਰ ਹਨ। ਇਸ ਮਾਮਲੇ ਵਿੱਚ ਹੁਣ ਤੱਕ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ (ਕਤਲ) ਅਤੇ ਆਬਕਾਰੀ ਐਕਟ ਦੀ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ 5 ਮੈਂਬਰੀ ਕਮੇਟੀ ਵੀ ਬਣਾਈ ਹੈ। ਪੁਲਿਸ ਵਲੋਂ ਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਵੱਖਰੀ ਕਮੇਟੀ ਬਣਾਈ ਗਈ ਹੈ। ਜਿਸ ਵਿਚ ਡੀਐਸਪੀ-ਡੀ ਅਤੇ ਡੀਐਸਪੀ ਦਿੜਬਾ ਵੀ ਜਾਂਚ ਵਿਚ ਸਹਿਯੋਗ ਕਰਨਗੇ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕਾਂ ਨੇ ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਤੋਂ ਸ਼ਰਾਬ ਖਰੀਦੀ ਸੀ। ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸਥਾਨਕ ਗੁਰਲਾਲ ਸਿੰਘ ਨੂੰ ਵੀ ਪੁਲਿਸ ਨੇ ਫੜ ਲਿਆ ਹੈ। ਪੁਲਿਸ ਨੇ ਇਨ੍ਹਾਂ ਦੇ ਮਾਸਟਰ ਮਾਈਂਡ ਹਰਮਨਪ੍ਰੀਤ ਸਿੰਘ ਵਾਸੀ ਪਾਤੜਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਹਰਮਨਪ੍ਰੀਤ ਸ਼ਰਾਬ ਬਣਾ ਕੇ ਵੇਚਣ ਲਈ ਸਪਲਾਈ ਕਰਦਾ ਸੀ। ਇਹ ਉਸ ਦੀ ਪਹਿਲੀ ਖੇਪ ਸੀ। ਇਹ ਚਾਰੇ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਸਨ। ਇਨ੍ਹਾਂ ਵਿਚੋਂ ਸੁਖਵਿੰਦਰ ਖ਼ਿਲਾਫ਼ 4, ਮਨਪ੍ਰੀਤ ਖ਼ਿਲਾਫ਼ 2, ਗੁਰਲਾਲ ਖ਼ਿਲਾਫ਼ 5 ਅਤੇ ਹਰਮਨਪ੍ਰੀਤ ਖ਼ਿਲਾਫ਼ 1 ਕੇਸ ਪਹਿਲਾਂ ਹੀ ਦਰਜ ਹੈ।