ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਦੇ ਬਾਅਦ ਈਡੀ ਦੀ ਟੀਮ ਵੀਰਵਾਰ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਕਰੀਬ 2 ਘੰਟੇ ਦੀ ਛਾਪੇਮਾਰੀ ਤੇ ਪੁੱਛਗਿੱਛ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕਰ ਲਿਆ। ਦੂਜੇ ਪਾਸੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਕਾਨੂੰਨੀ ਟੀਮ ਵੀ ਸੁਪਰੀਮ ਕੋਰਟ ਪਹੁੰਚੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹੋ ਸਕਦੀ ਹੈ। ਇਸ ਦੇ ਨਾਲ ਹੀ ਈਡੀ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਅਦਾਲਤ ‘ਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰੇਗੀ।ਡੀਡੀਯੂ ਮਾਰਗ ‘ਤੇ ‘ਆਪ’ ਵਰਕਰਾਂ ਦਾ ਪ੍ਰਦਰਸ਼ਨ ਲਗਭਗ ਖ਼ਤਮ ਹੋ ਗਿਆ ਹੈ। ਮੁੱਖ ਮੰਤਰੀ ਨੂੰ ਦੁਪਹਿਰ 2:30 ਵਜੇ ਦੇ ਕਰੀਬ ਰਾਉਸ ਐਵੇਨਿਊ ਅਦਾਲਤ ਵਿੱਚ ਲਿਆਂਦਾ ਜਾਵੇਗਾ, ਇਸ ਲਈ ਇੱਥੇ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਗ੍ਰਿਫ਼ਤਾਰੀ ਖਿਲਾਫ਼ ਸੁਪਰੀਮ ਕੋਰਟ ਵਿੱਚ ਦਾਇਰ ਅਰਜ਼ੀ ਵਾਪਸ ਲੈ ਲਈ ਹੈ। ਉਨ੍ਹਾਂ ਨੇ ਹੇਠਲੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਕਾਰਨ ਅਜਿਹਾ ਕੀਤਾ ਹੈ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਹੋਣਾ ਹੈ। ਇਸ ਲਈ ਉਹ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਿੱਚ ਪੇਸ਼ ਨਹੀਂ ਹੋ ਸਕਦੇ। ਇਸ ਕਾਰਨ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ। ਰਾਉਸ ਐਵੇਨਿਊ ਕੋਰਟ ‘ਚ ਸੁਣਵਾਈ ਪੂਰੀ ਹੋਣ ਤੋਂ ਬਾਅਦ ਸਿੰਘਵੀ ਫਿਰ ਤੋਂ ਸੁਪਰੀਮ ਕੋਰਟ ਦਾ ਰੁਖ ਕਰਨਗੇ।