ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਕੱਲ੍ਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ‘ਆਪ’ ਵਰਕਰਾਂ ਨੇ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਦੋਵਾਂ ਆਗੂਆਂ ਵਿਰੁਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਜਲੰਧਰ ਪੱਛਮੀ ‘ਚ ਕੁੱਝ ਲੋਕਾਂ ਨੇ ਸਰਕਾਰੀ ਬੋਰਡ ਪਾੜ ਦਿਤੇ, ਜਿਸ ਤੋਂ ਬਾਅਦ ਪੁਲਿਸ ਨੇ ਵੀਡੀਓਗ੍ਰਾਫੀ ਕਰਵਾ ਕੇ ਅਣਪਛਾਤੇ ਲੋਕਾਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੀਡੀਓਗ੍ਰਾਫੀ ਕਰਵਾ ਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਵਲੋਂ ਪ੍ਰਦਰਸ਼ਨ ਬਾਰੇ ਚੋਣ ਕਮਿਸ਼ਨ ਨੂੰ ਪਹਿਲਾਂ ਹੀ ਦੱਸ ਦਿਤਾ ਗਿਆ ਸੀ, ਜਿਸ ਕਾਰਨ ਚੋਣ ਅਧਿਕਾਰੀਆਂ ਨੇ ਮੌਕੇ ‘ਤੇ ਹੀ ਵੀਡੀਓਗ੍ਰਾਫੀ ਕਰਵਾਈ। ਪੁਲਿਸ ਨੇ ਆਈਪੀਸੀ ਦੀ ਧਾਰਾ 283,427, ਜਨਤਕ ਜਾਇਦਾਦ (ਨੁਕਸਾਨ ਦੀ ਰੋਕਥਾਮ) ਐਕਟ 1985 ਦੀ ਧਾਰਾ 3 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਖ਼ਬਰਾਂ ਅਨੁਸਾਰ ਰਿੰਕੂ ਅਤੇ ਅਗੁਰਾਲ ਦੇ ਘਰ ਦੇ ਬਾਹਰ ਧਰਨੇ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀ ਬਲਕਾਰ ਸਿੰਘ ਵੀ ਅਪਣੇ ਸਮਰਥਕਾਂ ਨਾਲ ਪੁੱਜੇ ਸਨ। ਮੰਤਰੀ ਬਲਕਾਰ ਸਿੰਘ ਨੇ ਕਿਹਾ ਸੀ ਕਿ ਸਾਰੇ ਨੇਤਾਵਾਂ ਨੂੰ ਸਹੀ ਪਾਰਟੀ ‘ਚ ਸ਼ਾਮਲ ਹੋਣ ਦਾ ਅਧਿਕਾਰ ਹੈ ਪਰ ਦੋਵਾਂ ਆਗੂਆਂ ਨੇ ਸਹਿਯੋਗ ਨਹੀਂ ਦਿਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਸੰਸਦ ਮੈਂਬਰ ਰਿੰਕੂ ‘ਤੇ ਭਰੋਸਾ ਕੀਤਾ ਸੀ ਅਤੇ ਉਨ੍ਹਾਂ ਨੂੰ ਮੁੜ ਜਲੰਧਰ ਤੋਂ ਅਪਣਾ ਉਮੀਦਵਾਰ ਐਲਾਨ ਦਿਤਾ ਸੀ ਪਰ ਦੋਵਾਂ ਆਗੂਆਂ ਨੇ ਆਮ ਆਦਮੀ ਪਾਰਟੀ ਨਾਲ ਧੋਖਾ ਕੀਤਾ। ਬੀਤੇ ਦਿਨੀਂ ਹੋਈ ਮੀਟਿੰਗ ਵਿਚ ਪਾਰਟੀ ਨੇ ਰਿੰਕੂ ਨੂੰ ਇੱਜ਼ਤ ਨਾਲ ਲੜਨ ਲਈ ਪ੍ਰੇਰਿਆ ਸੀ ਪਰ ਰਿੰਕੂ ਅਤੇ ਅੰਗੁਰਾਲ ਪਾਰਟੀ ਦੀਆਂ ਉਮੀਦਾਂ ‘ਤੇ ਖਰੇ ਨਹੀਂ ਉਤਰੇ।