ਲੋਕ ਸਭਾ ਚੋਣਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅੱਜ ਮਾਨਸਾ ਪਹੁੰਚੇ। ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇਵਾਲਾ ਕੇਸ ਤੇ ਉਸ ਦੇ ਪਰਿਵਾਰ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਾਕੀ ਰਹਿੰਦੇ ਵਿਅਕਤੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਬਹੁਤ ਦੁੱਖ ਦੀ ਗੱਲ ਹੈ ਕਿ ਜਵਾਨ ਪੁੱਤਰ ਇਸ ਦੁਨੀਆਂ ਤੋਂ ਚਲਾ ਗਿਆ ਹੈ ਪਰ ਪ੍ਰਮਾਤਮਾ ਨੇ ਉਸ ਦੇ ਘਰ ਮੁੜ ਖੁਸ਼ੀਆਂ ਬਖ਼ਸ਼ੀਆਂ ਹਨ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂਆਤ ਕਰ ਦਿੱਤੀ ਹੈ ਅਤੇ ਅੱਜ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ, ਕਿਉਂਕਿ ਵਰਕਰ ਹੀ ਪਾਰਟੀ ਦੀ ਬਾਂਹ ਹੁੰਦੇ ਹਨ।‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਜਲੰਧਰ ਤੋਂ ਸੰਸਦ ਮੈਂਬਰ ਅਤੇ ਵਿਧਾਇਕ ਦੇ ਮਾਮਲੇ ‘ਚ ਉਨ੍ਹਾਂ ਕਿਹਾ ਕਿ ਹਰ ਬੰਦੇ ਦੀ ਨੀਅਤ ਹੁੰਦੇ ਹਨ ਅਤੇ ਪਤਾ ਨਹੀਂ ਕਿਸ ਬੰਦੇ ਦੀ ਕੀ ਨੀਅਤ ਹੈ। ਪਰ ਉਨ੍ਹਾਂ ਦੀ ਮਰਜ਼ੀ ਹੈ ਕਿ ਉਹ ਬੀਜੇਪੀ ਵਿਚ ਸ਼ਾਮਲ ਹੋਏ ਹਨ ਪਰ ਸਾਰੇ ਲੋਕ ਅਜਿਹੇ ਨਹੀਂ ਹੁੰਦੇ ਹਨ। ਉਨ੍ਹਾਂ ਬੋਲਦਿਆਂ ਕਿਹਾ ਕਿ ਲੰਬੀ ਖੇਤਰ ਦੇ ਲੋਕਾਂ ਨੇ ਨੇ ਉਨ੍ਹਾਂ ਨੂੰ ਸਾਢੇ 11 ਹਜ਼ਾਰ ਵੋਟਾਂ ਨਾਲ ਜਿੱਤ ਦਿਵਾਈ ਹੈ ਅਤੇ ਅਜੇ ਵੀ ਉਮੀਦ ਹੈ ਕਿ ਮੋਰਚਾ ਫਤਿਹ ਕਰਨਗੇ।