ਵੀਰਵਾਰ ਨੂੰ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਦੇ ਹੀ ਕਿਸਾਨਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਉਨ੍ਹਾਂ ਨੇ ਖੁਦ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਇਕ ਟਰੈਕਟਰ-ਟਰਾਲੀ ਅਤੇ 4 ਟੈਂਟ ਸੜ ਕੇ ਸੁਆਹ ਹੋ ਗਏ। ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਹੈ ਕਿ ਹੁਸ਼ਿਆਰਪੁਰ ਦੇ ਜਥੇਬੰਦੀਆਂ ਦੇ ਗਰੁੱਪ ਦੀ ਟਰੈਕਟਰ-ਟਰਾਲੀ ਸੜ ਗਈ ਹੈ। ਉਨ੍ਹਾਂ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਕੀਤੀ। ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। ਜਾਂਚ ਤੋਂ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਵਿੱਚ ਟਰੈਕਟਰ-ਟਰਾਲੀ ਸਮੇਤ 4 ਟੈਂਟ ਸੜ ਗਏ। ਸ਼ੰਭੂ ਬਾਰਡਰ ‘ਤੇ ਅੱਗ ਲੱਗਦੇ ਹੀ ਕਿਸਾਨ ਇਕਜੁੱਟ ਹੋ ਗਏ। ਇੱਕ ਕਿਸਾਨ ਪਾਈਪ ਨਾਲ ਅੱਗ ਬੁਝਾਉਂਦਾ ਦੇਖਿਆ ਗਿਆ ਜਦਕਿ ਕਈ ਲੋਕ ਬਾਲਟੀਆਂ ਨਾਲ ਪਾਣੀ ਪਾਉਂਦੇ ਦੇਖੇ ਗਏ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕਾਫੀ ਦੇਰ ਬਾਅਦ ਮੌਕੇ ‘ਤੇ ਪਹੁੰਚੀਆਂ। ਇਸ ਤੋਂ ਬਾਅਦ ਕਿਸਾਨਾਂ ਨੇ ਗੁੱਸਾ ਜ਼ਾਹਰ ਕੀਤਾ। ਦੱਸ ਦੇਈਏ ਕਿ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ 58 ਦਿਨ ਬੀਤ ਚੁੱਕੇ ਹਨ। 13, 14 ਅਤੇ 21 ਫਰਵਰੀ ਨੂੰ ਦਿੱਲੀ ਮਾਰਚ ਦੌਰਾਨ ਝੜਪਾਂ ਹੋਈਆਂ, ਜਿਸ ਵਿੱਚ ਕਈ ਪੁਲਿਸ ਮੁਲਾਜ਼ਮਾਂ ਸਮੇਤ ਸੈਂਕੜੇ ਕਿਸਾਨ ਜ਼ਖ਼ਮੀ ਹੋ ਗਏ। ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਡਟੇ ਹੋਏ ਹਨ। ਸ਼ੁਰੂਆਤੀ ਦੌਰ ਵਿਚ ਚਾਰ ਗੇੜ ਦੀ ਗੱਲਬਾਤ ਵਿੱਚ ਵੀ ਕੋਈ ਸਹਿਮਤੀ ਨਹੀਂ ਬਣ ਸਕੀ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ ‘ਤੇ ਅੜੇ ਹੋਏ ਹਨ। ਕਿਸਾਨਾਂ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਨੂੰ ਰਿਹਾਅ ਨਾ ਕਰਨ ’ਤੇ 17 ਅਪਰੈਲ ਨੂੰ ਸ਼ੰਭੂ ਸਰਹੱਦ ’ਤੇ ਟ੍ਰੇਨਾਂ ਰੋਕਣ ਦਾ ਐਲਾਨ ਕੀਤਾ ਹੈ।