ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨ ਤੇ ਮਜਦੂਰ ਜਥੇਬੰਦੀਆਂ ਵਲੋਂ ਵਿਰੋਧ ਲਗਾਤਾਰ ਜਾਰੀ ਹੈ। ਅੱਜ ਸਾਦਿਕ ਨੇੜਲੇ ਇਤਿਹਾਸਕ ਗੁਰਦਵਾਰਾ ਜੰਡ ਸਾਹਿਬ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਮੱਥਾ ਟੇਕਣ ਤੋਂ ਬਾਅਦ ਵਾਪਸ ਪਰਤ ਰਹੇ ਹੰਸ ਰਾਜ ਹੰਸ ਦਾ ਫਿਰ ਵਿਰੋਧ ਹੋ ਗਿਆ, ਇਸ ਤੋਂ ਪਹਿਲਾਂ ਫਰੀਦਕੋਟ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਦੋ ਵਾਰ ਜਬਰਦਸਤ ਵਿਰੋਧ ਕੀਤਾ ਜਾ ਚੁੱਕਾ ਹੈ। ਇਤਿਹਾਸਕ ਗੁਰਦਵਾਰਾ ਸਾਹਿਬ ਵਿਖੇ ਲੋਕਲ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਬਰਾੜ, ਵੀਰ ਸਿੰਘ ਅਤੇ ਸਾਥੀਆਂ ਵੱਲੋਂ ਉਹਨਾਂ ਨੂੰ ਸਿਰੋਪਾਓ ਭੇਂਟ ਕਰਕੇ ਸਵਾਗਤ ਕੀਤਾ ਗਿਆ। ਉਹਨਾਂ ਦੀ ਫੇਰੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵਿਰੋਧ ਦੇ ਚੱਲਦੇ ਵੱਡੀ ਗਿਣਤੀ ’ਚ ਪੁਲਿਸ ਤੈਨਾਤ ਕੀਤੀ ਗਈ ਸੀ। ਹਾਲਾਂਕਿ ਉਹਨਾਂ ਉੱਥੇ ਸੰਬੋਧਨ ਨਹੀਂ ਕੀਤਾ ਤੇ ਨਾ ਹੀ ਉੁਥੇ ਕਿਸੇ ਜਥੇਬੰਦੀ ਨੇ ਉਹਨਾਂ ਦਾ ਵਿਰੋਧ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਸਮੂਹ ਸੰਗਤਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਸਾਨੀ ਵਿਰੋਧ ਬਾਰੇ ਕਿਹਾ ਕਿ ਉਹ ਵੀ ਆਪਣੇ ਹੀ ਭਰਾ ਹਨ ਤੇ ਸਭ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ। ਅਸੀਂ ਕਿਸਾਨੀ ਮਸਲੇ ਸਬੰਧੀ ਪਾਰਟੀ ਹਾਈਕਮਾਂਡ ਦੇ ਧਿਆਨ ’ਚ ਲਿਆ ਦਿੱਤਾ ਹੈ ਤੇ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਸੰਜੀਦਾ ਹੈ। ਜੰਡ ਸਾਹਿਬ ਤੋਂ ਵਾਪਸੀ ’ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਸਾਦਿਕ ਚੌਂਕ ਵਿੱਚ ਉਹਨਾਂ ਦਾ ਵਿਰੋਧ ਵੀ ਕੀਤਾ ਗਿਆ ਪਰ ਉਹ ਬਿਨਾਂ ਰੁਕੇ ਆਪਣੇ ਰਸਤੇ ਚੱਲਦੇ ਰਹੇ।