ਪਾਂਸ਼ਟਾ, 3 ਜੂਨ (ਰਜਿੰਦਰ) – ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਹੋਰ ਮਜਬੂਤ ਕਰਨ ਲਈ 28 ਮਈ ਤੋਂ 10 ਜੂਨ ਤੱਕ ਪਿੰਡਾਂ ਤੋਂ ਕਾਫਿਲੇ ਲਿਜਾਣ ਦੀ ਕਾਲ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਅਗਵਾਈ ਵਿਚ ਇੱਕ ਵੱਡਾ ਕਾਫਿਲਾ ਮੌਲੀ ਵਿਖੇ ਚੱਲ ਰਹੇ ਲੰਗਰਾਂ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਲਈ ਰਵਾਨਾ ਹੋ ਰਿਹਾ ਹੈ। ਇਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਇੱਕ ਮੀਟਿੰਗ ਪਿੰਡ ਟੋਡਰਪੁਰ ਵਿਖੇ ਹੋਈ ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।ਮੀਟਿੰਗ ਨੂੰ ਸੰਬੋਧਨ ਕਰਦਿਆ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ 6 ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ ਪਰੰਤੂ ਮੋਦੀ ਸਰਕਾਰ ਅੜੀਅਲ ਰਵੱਈਆ ਕਰੀ ਬੈਠੀ ਹੈ ਜੋ ਕਿ ਟਸ ਤੋਂ ਮਸ ਨਹੀਂ ਹੋ ਰਹੀ।ਕਿਸਾਨ ਅੰਦੋਲਨ ਨੂੰ ਹੋਰ ਮਜਬੂਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਇੱਕ ਵੱਡਾ ਕਾਫਿਲਾ ਮੌਲੀ ਲੰਗਰਾਂ ਤੋਂ 5 ਜੂਨ ਨੂੰ ਰਵਾਨਾ ਹੋਵੇਗਾ।ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਪਿੰਡਾਂ ਤੋਂ ਜ਼ਿਆਦਾ ਤੋਂ ਜ਼ਿਆਦਾ ਟਰੈਕਟਰ ਟਰਾਲੀਆ ਲੈ ਕੇ ਦਿੱਲੀ ਬਾਰਡਰ ‘ਤੇ ਪਹੁੰਚਣ ਤਾਂ ਜੋ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।