ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਨੇ ਲੋਕ ਸਭਾ ਚੋਣ ਲੜਨ ਦਾ ਮੂਡ ਬਣਾ ਲਿਆ ਹੈ। ਖ਼ਬਰਾਂ ਅਨੁਸਾਰ ਭਾਜਪਾ ਵਲੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਦਿਤੇ ਜਾਣ ਕਾਰਨ ਵਿਜੇ ਸਾਂਪਲਾ ਨਾਰਾਜ਼ ਦਿਖਾਈ ਦੇ ਰਹੇ ਹਨ। ਵਿਜੇ ਸਾਂਪਲਾ ਦੇ ਭਾਜਪਾ ਛੱਡਣ ਦੀਆਂ ਚਰਚਾਵਾਂ ਤੋਂ ਅੱਜ ਚੰਡੀਗੜ੍ਹ ਦੇ ਨਿੱਜੀ ਹੋਟਲ ਵਿਚ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਕਈ ਕਈ ਭਾਜਪਾ ਆਗੂਆਂ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਇਹ ਮੀਟਿੰਗ ਬੇਸਿੱਟਾ ਨਿਕਲੀ ਹੈ। ਦਸਿਆ ਜਾ ਰਿਹਾ ਹੈ ਕਿ ਹੁਣ ਭਾਜਪਾ ਹਾਈ ਕਮਾਨ ਨੇ ਵਿਜੇ ਸਾਂਪਲਾ ਨੂੰ ਦਿੱਲੀ ਸੱਦਿਆ ਹੈ, ਇਸ ਦੌਰਾਨ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਚੰਡੀਗੜ੍ਹ ਵਿਚ ਹੋਈ ਮੀਟਿੰਗ ਮਗਰੋਂ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਜ਼ਰੂਰ ਲੜਨਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਪੰਜਾਬ ਦੀਆਂ 3 ਹੋਰ ਸੀਟਾਂ ਉਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਭਾਜਪਾ ਨੇ ਹੁਸ਼ਿਆਰਪੁਰ ਤੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿਤੀ ਹੈ। ਇਸ ਮਗਰੋਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਨੇ ਟਵੀਟ ਕੀਤਾ। ਉਨ੍ਹਾਂ ਲਿਖਿਆ, “ਇਕ ਰਸਤਾ ਬੰਦ ਹੁੰਦਾ ਹੈ ਤਾਂ ਰੱਬ ਕਈ ਰਸਤੇ ਹੋਰ ਖੋਲ੍ਹ ਦਿੰਦਾ ਹੈ। ਪ੍ਰਮਾਤਮਾ ਨੇ ਮੇਰੇ ਲਈ ਵੀ ਕੋਈ ਰਸਤਾ ਤੈਅ ਕੀਤਾ ਹੋਵੇਗਾ। ਮੇਰਾ ਸਾਥ ਦੇਣ ਵਾਲੇ ਸਾਥੀਆਂ ਦਾ ਧੰਨਵਾਦ”। 2014 ਅਤੇ 2019 ਦੀਆਂ ਚੋਣਾਂ ਵਿਚ ਭਾਜਪਾ ਨੇ ਇਹ ਸੀਟ ਜਿੱਤੀ ਸੀ। ਪਾਰਟੀ ਦੇ ਵਿਜੇ ਸਾਂਪਲਾ ਨੇ 2014 ਵਿਚ ਜਿੱਤ ਹਾਸਲ ਕੀਤੀ ਸੀ ਜਦਕਿ ਸੋਮ ਪ੍ਰਕਾਸ਼ ਨੇ 2019 ਵਿਚ ਕਾਂਗਰਸ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੂੰ ਹਰਾਇਆ ਸੀ। ਇਸ ਵਾਰ ਵਿਜੇ ਸਾਂਪਲਾ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਾ ਦਾਅਵੇਦਾਰ ਮੰਨਿਆ ਜਾ ਰਿਹਾ ਸੀ ਪਰ ਭਾਜਪਾ ਨੇ ਅਨੀਤਾ ਸੋਮ ਪ੍ਰਕਾਸ਼ ਨੂੰ ਉਮੀਦਵਾਰ ਐਲਾਨ ਦਿਤਾ ਹੈ।