ਡੇਰਾ ਬਾਬਾ ਨਾਨਕ ‘ਚ ਨੌਜਵਾਨ ਦਾ ਕਤਲ, 200 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ !

ਡੇਰਾ ਬਾਬਾ ਨਾਨਕ ਦੇ ਪਿੰਡ ਜੌੜੀਆਂ ਕਲਾਂ ਦੇ ਇੱਕ ਨੌਜਵਾਨ ਦਾ ਸਿਰਫ਼ 200 ਰੁਪਏ ਲਈ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਡੇਰਾ ਬਾਬਾ ਨਾਨਕ ਦੇ ਬਾਹਰ ਧਰਨਾ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ 34 ਸਾਲਾ ਕੋਡੂ ਮਸੀਹ ਪੁੱਤਰ ਤਰਸੇਮ ਮਸੀਹ ਵਾਸੀ ਪਿੰਡ ਜੌੜੀਆਂ ਕਲਾਂ ਜਲੰਧਰ ਵਿੱਚ ਇੱਕ ਢਾਬੇ ’ਤੇ ਕੰਮ ਕਰਦਾ ਸੀ। ਮ੍ਰਿਤਕ ਦੀ ਪਤਨੀ ਸੋਨੀਆ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੋਡੂ ਮਸੀਹ ਢਾਬੇ ਤੋਂ ਛੁੱਟੀ ਲੈ ਕੇ ਘਰ ਪਰਤਿਆ ਸੀ। ਵੀਰਵਾਰ ਸ਼ਾਮ ਨੂੰ ਉਹ ਆਪਣੇ ਦੋਸਤ ਸੁੱਖਾ ਮਸੀਹ ਨਾਲ ਪਿੰਡ ਹਰੂਵਾਲ ਵਿਖੇ ਨਾਜਾਇਜ਼ ਦੇਸੀ ਸ਼ਰਾਬ ਪੀਣ ਗਿਆ ਸੀ। ਇਸ ਦੌਰਾਨ ਨਜਾਇਜ਼ ਦੇਸੀ ਸ਼ਰਾਬ ਵੇਚਣ ਵਾਲਿਆਂ ਵਿੱਚ ਕੋਡੂ ਮਸੀਹ ਦਾ 200 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋ ਗਿਆ। ਕੋਡੂ ਮਸੀਹ ਦੀ ਪਤਨੀ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਬਾਅਦ ਵਿੱਚ ਉਸ ਦੀ ਲਾਸ਼ ਨੂੰ ਨਾਲੇ ਵਿੱਚ ਸੁੱਟ ਦਿੱਤਾ ਗਿਆ। ਕੋਡੂ ਮਸੀਹ ਦੀ ਮੌਤ ਦੀ ਸੂਚਨਾ ਉਸ ਦੇ ਦੋਸਤ ਸੁੱਖਾ ਮਸੀਹ ਨੇ ਪਰਿਵਾਰ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਨਾ ਦਿੱਤੀ ਗਈ। ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਵਾਉਣ ਲਈ ਥਾਣੇ ਅੱਗੇ ਧਰਨਾ ਦਿੱਤਾ ਗਿਆ। ਉਨ੍ਹਾਂ ਡੀਸੀ ਗੁਰਦਾਸਪੁਰ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕੋਡੂ ਮਸੀਹ ਦਾ ਕਤਲ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *