ਚੋਣ ਕਮਿਸ਼ਨ ਤੋਂ PM ਮੋਦੀ ਨੂੰ ਕਲੀਨ ਚਿੱਟ, ਕਿਹਾ- ‘ਰਾਮ ਮੰਦਰ ਤੇ ਕਰਤਾਰਪੁਰ ਲਾਂਘੇ ਦਾ ਜ਼ਿਕਰ MCC ਦੀ ਉਲੰਘਣਾ ਨਹੀਂ’

ਲੋਕ ਸਭਾ ਚੋਣਾਂ 2024 ਦੇ ਉਤਸ਼ਾਹ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੂੰ ਚੋਣ ਕਮਿਸ਼ਨ ਤੋਂ ਕਲੀਨ ਚਿੱਟ ਮਿਲ ਗਈ ਹੈ । ਪੀਐੱਮ ਮੋਦੀ ਦੇ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਮਾਮਲੇ ਵਿੱਚ ਚੋਣ ਕਮਿਸ਼ਨ ਦਾ ਪਹਿਲਾ ਫੈਸਲਾ ਆਇਆ ਹੈ । ਸੂਤਰਾਂ ਮੁਤਾਬਕ ਚੋਣ ਕਮਿਸ਼ਨ ਦਾ ਮੰਨਣਾ ਹੈ ਕਿ ਯੂਪੀ ਦੀ ਪੀਲੀਭੀਤ ਰੈਲੀ ਵਿੱਚ ਰਾਮ ਮੰਦਿਰ ਅਤੇ ਕਰਤਾਰਪੁਰ ਲਾਂਘੇ ਦਾ ਜ਼ਿਕਰ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਹੈ। ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਪਹਿਲੇ ਮਾਮਲੇ ਵਿੱਚ ਆਪਣਾ ਫੈਸਲਾ ਦਿੱਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਉਹ ਰਾਮ ਮੰਦਰ ਦੇ ਨਿਰਮਾਣ ਦੇ ਜ਼ਿਕਰ ਨੂੰ ਧਰਮ ਦੇ ਆਧਾਰ ‘ਤੇ ਵੋਟਾਂ ਦੀ ਅਪੀਲ ਨਹੀਂ ਮੰਨਦਾ । ਚੋਣ ਕਮਿਸ਼ਨ ਵੱਲੋਂ ਜਲਦ ਹੀ ਸ਼ਿਕਾਇਤਕਰਤਾ ਵਕੀਲ ਆਨੰਦ ਜੋਂਡਲੇ ਨੂੰ ਜਵਾਬ ਭੇਜ ਸਕਦਾ ਹੈ। ਚੋਣ ਕਮਿਸ਼ਨ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰ ਰਹੇ ਸਨ ਅਤੇ ਉਨ੍ਹਾਂ ਦਾ ਬਿਆਨ ਕਿਸੇ ਤਰ੍ਹਾਂ ਦੀ ਕੁੜੱਤਣ ਨੂੰ ਵਧਾਵਾ ਨਹੀਂ ਦਿੰਦਾ । ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਲੀਭੀਤ ਵਿੱਚ ਰੈਲੀ ਵਿੱਚ ਰਾਮ ਮੰਦਰ ਨਿਰਮਾਣ ਅਤੇ ਕਰਤਾਰਪੁਰ ਕਾਰੀਡੋਰ ਦੇ ਵਿਕਾਸ ਦਾ ਜ਼ਿਕਰ ਕੀਤਾ ਸੀ। ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਵਕੀਲ ਆਨੰਦ ਐੱਸ. ਜੋਂਡਲੇ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ 9 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਇੱਕ ਚੋਣ ਰੈਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਹਿੰਦੂ ਦੇਵੀ-ਦੇਵਤਿਆਂ ਅਤੇ ਹਿੰਦੂ ਧਰਮ ਅਸਥਾਨਾਂ ਅਤੇ ਸਿੱਖਾਂ ਅਤੇ ਸਿੱਖ ਗੁਰੂਆਂ ਦੇ ਪਵਿੱਤਰ ਸਥਾਨਾਂ ਦੇ ਨਾਮ ‘ਤੇ ਵੋਟਾਂ ਮੰਗੀਆਂ ਸਨ । ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਗਾਇਆ ਸੀ। ਇੰਨਾ ਹੀ ਨਹੀਂ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਵੀ ਚੋਣ ਪ੍ਰਚਾਰ ਦੌਰਾਨ ਪੀਐਮ ਮੋਦੀ ‘ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ।

Leave a Reply

Your email address will not be published. Required fields are marked *