ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਲੱਭਣ ਦੀ ਸਹੁੰ ਚੁੱਕੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿਚੋਂ ਉਦਯੋਗਾਂ ਦੇ ਦੂਜੇ ਰਾਜਾਂ ‘ਚ ਜਾਣ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਹਾਲ ਹੀ ਵਿਚ ਦਿੱਲੀ ਦੇ ਦੌਰੇ ਦੌਰਾਨ, ਵੜਿੰਗ ਨੇ ਕਈ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ, ਕਾਰੋਬਾਰੀਆਂ ਨੇ ਪੰਜਾਬ ਵਿਚ ਵਪਾਰ ਅਤੇ ਕਾਰੋਬਾਰ ਵਿਚ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਅਤੇ ਨਿਰਾਸ਼ਾ ਜ਼ਾਹਰ ਕੀਤੀ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਦੇ ਕੁਸ਼ਾਸਨ ਕਰਕੇ ਅਪਣੇ ਕਾਰੋਬਾਰ ਪੰਜਾਬ ਤੋਂ ਉੱਤਰ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਮੱਧ-ਪ੍ਰਦੇਸ਼ ਵਰਗੇ ਖੇਤਰਾਂ ਵਿਚ ਲੈ ਕੇ ਜਾਣਾ ਪੈ ਰਿਹਾ ਹੈ। ਖਾਸ ਤੌਰ ‘ਤੇ ਹੁਣ ਲੁਧਿਆਣਾ ਤੋਂ ‘ਕ੍ਰੀਮਿਕਾ’ ਵਰਗੀਆਂ ਮਹੱਤਵਪੂਰਨ ਸੰਸਥਾਵਾਂ ਵੀ ਜੰਮੂ ਜਾਣ ਲਈ ਤਿਆਰ ਹਨ। ਵੜਿੰਗ ਨੇ ਜ਼ੋਰ ਦੇ ਕੇ ਕਿਹਾ, “ਇਹ ਚਿੰਤਾਵਾਂ ਸਿਰਫ਼ ਸਿਆਸੀ ਬਿਆਨਬਾਜ਼ੀ ਨਹੀਂ ਹਨ ਸਗੋਂ ਸਾਡੇ ਕਾਰੋਬਾਰ ਅਤੇ ਵਪਾਰ ਦੀ ਜ਼ਮੀਨੀ ਹਕੀਕਤ ਨੂੰ ਦਰਸਾਉਂਦੀਆਂ ਹਨ। ਸਰਕਾਰ ਦੁਆਰਾ ਮੌਜੂਦਾ ਉਦਯੋਗਾਂ ਦੀ ਅਣਦੇਖੀ ਪੰਜਾਬ ਦੀ ਆਰਥਿਕ ਸਥਿਰਤਾ ਨੂੰ ਖ਼ਤਰੇ ਵਿਚ ਪਾ ਰਹੀ ਹੈ। ਜੇਕਰ ਇਹ ਉਦਯੋਗਿਕ ਸੰਸਥਾਵਾਂ ਪੰਜਾਬ ਛੱਡ ਕੇ ਕਿਸੇ ਹੋਰ ਰਾਜ ਵਿਚ ਚਲੀਆਂ ਜਾਣਗੀਆਂ ਤਾਂ ਨੁਕਸਾਨ ਕਿਸੇ ਸਰਕਾਰ ਦਾ ਨਹੀਂ ਸਗੋਂ ਪੂਰੇ ਪੰਜਾਬ ਦਾ ਹੋਵੇਗਾ ਜਿਸ ਨਾਲ ਪੰਜਾਬ ਦੇ ਆਰਥਿਕ ਹਾਲਤ ਹੋਰ ਖਰਾਬ ਹੋਣਗੇ। ਪੰਜਾਬ ਦੀ ਪਹਿਲਾਂ ਤੋਂ ਹੀ ਨਾਜ਼ੁਕ ਆਰਥਿਕ ਸਥਿਤੀ ਨੂੰ ਦੇਖਦੇ ਹੋਏ, ਮੌਜੂਦਾ ਉਦਯੋਗਾਂ ਦੀ ਸੁਰੱਖਿਆ ਅਤੇ ਹੋਰ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ”। ਖੇਤੀਬਾੜੀ ‘ਤੇ ਪੰਜਾਬ ਦੀ ਆਰਥਿਕ ਨਿਰਭਰਤਾ ਨੂੰ ਦੀ ਗੱਲ ਕਰਦਿਆਂ, ਰਾਜਾ ਵੜਿੰਗ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਖੇਤੀ ਬਿੱਲਾਂ ਦੇ ਕਾਰਨ ਲਗਾਤਾਰ ਚੱਲ ਰਹੇ ਕਿਸਾਨ ਪ੍ਰਦਰਸ਼ਨਾਂ ਦੀ ਵੀ ਅਵਾਜ਼ ਚੁੱਕੀ। ਉਨ੍ਹਾਂ ਨੇ ਕਿਹਾ ਕਿ ਰੇਲ ਪਟੜੀਆਂ ‘ਤੇ ਹੋ ਰਹੇ ਪ੍ਰਦਰਸ਼ਨਾਂ ਅਤੇ ਆਵਾਜਾਈ ਵਿਚ ਪਏ ਵਿਘਨ ਨੇ ਪੰਜਾਬ ਵਿਚ ਕਾਰੋਬਾਰਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਤਾਂ ਕੀਤਾ ਹੀ ਹੈ ਨਾਲ ਦੀ ਨਾਲ ਉਦਯੋਗਿਕ ਅਯਾਤ ਨਿਰਯਾਤ ‘ਤੇ ਵੀ ਅਸਰ ਪਾਇਆ ਹੈ। ਇਸ ਤੋਂ ਇਲਾਵਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸੜਕਾਂ ’ਤੇ ਕੀਤੀ ਬੈਰੀਗੇਡਿੰਗ ਨੇ ਪੰਜਾਬ ਦੇ ਲੋਕਾਂ ਦੇ ਸੰਘਰਸ਼ ਨੂੰ ਹੋਰ ਤੇਜ਼ ਕਰ ਦਿਤਾ ਹੈ। ਇਹ ਸਭ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਕਾਰਨ ਹੋ ਰਿਹਾ ਹੈ, ਜਿਸ ਨਾਲ ਸਮੁੱਚੇ ਪੰਜਾਬ ਵਾਸੀਆਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਕਾਰੋਬਾਰੀਆਂ ਨੂੰ ਕਾਂਗਰਸ ਦੀ ਵਚਨਬੱਧਤਾ ਦਾ ਭਰੋਸਾ ਦਿਵਾਉਂਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ, “ਸੱਤਾ ਸੰਭਾਲਣ ‘ਤੇ, ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰੇਗੀ। ਵਿਰੋਧੀ ਧਿਰ ਵਜੋਂ ਅਸੀਂ ਆਪਣੇ ਉਦਯੋਗਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਬਰਾਬਰ ਵਕਾਲਤ ਕਰਨ ਲਈ ਵਚਨਬੱਧ ਹਾਂ। ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ ਜੋ ਇੱਕ ਸੂਬੇ ਦੀ ਮੁਸ਼ਕਿਲ ਨਹੀਂ ਸਗੋਂ ਰਾਸ਼ਟਰ ਪੱਧਰ ਦਾ ਮਸਲਾ ਬਣਿਆ ਹੋਇਆ ਹੈ। ਸਾਡੇ ਕਿਸਾਨਾਂ ਦੀਆਂ ਅਸਲ ਮੁਸ਼ਕਿਲਾਂ ਨੂੰ ਦੇਖਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਬੇਹੱਦ ਜ਼ਰੂਰੀ ਹੈ”। ਇਸ ਤੋਂ ਇਲਾਵਾ, ਵਪਾਰੀਆਂ ਵੱਲੋਂ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਕੇ ਹੋ ਰਹੇ ਅਪਰਾਧਾਂ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ ਵਿਗੜਦੀ ਕਾਨੂੰਨ ਵਿਵਸਥਾ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਗਈਆਂ। ਵੜਿੰਗ ਨੇ ਕਾਰੋਬਾਰੀ ਭਾਈਚਾਰੇ ਅੰਦਰ ਵਿਸ਼ਵਾਸ ਅਤੇ ਸਥਿਰਤਾ ਬਹਾਲ ਕਰਨ ਲਈ ‘ਆਪ’ ਪੰਜਾਬ ਪ੍ਰਸ਼ਾਸਨ ਨੂੰ ਸੂਬੇ ਵਿਚ ਅਮਨ ਸ਼ਾਂਤੀ ਨੂੰ ਬਹਾਲ ਕਰਨ ਦੀ ਅਪੀਲ ਕੀਤੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪੰਜਾਬ ਦੇ ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਦੇ ਆਪਸੀ ਤਾਲਮੇਲ ਦੀ ਗੱਲ ਕਰਦਿਆਂ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ, ਹੋਰ ਕਿਸਾਨ ਆਗੂਆਂ ਅਤੇ ਉਦਯੋਗਪਤੀਆਂ ਸਮੇਤ ਕਾਰੋਬਾਰੀਆਂ ਨੂੰ ਇਨ੍ਹਾਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਆਪਸ ਵਿਚ ਮਿਲ ਕੇ ਗੱਲਬਾਤ ਕਰਨ ਦਾ ਸੱਦਾ ਦਿੱਤਾ। ਅੰਤ ਵਿਚ ਉਨ੍ਹਾਂ ਕਿਹਾ ਕਿ, “ਇਹ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਰਣਨੀਤਕ ਇਰਾਦੇ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾ ਉਦੇਸ਼ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨ ਨੂੰ ਢਾਹ ਲਾਉਣੀ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ ਵਿਚ ਜਾਣਬੁੱਝ ਕੇ ਰੁਕਾਵਟ ਪਾਉਣਾ ਹੈ, ਇਸ ਤਰ੍ਹਾਂ ਪੰਜਾਬ ਦੀ ਖੁਸ਼ਹਾਲੀ ਦਾ ਘਾਣ ਹੋਵੇਗਾ। ਇਹ ਸਪੱਸ਼ਟ ਹੈ ਕਿ ਸਰਕਾਰ ਸਾਡੇ ਵੱਲੋਂ ਕੀਤੇ ਜਾਂਦੇ ਵਿਰੋਧ ਨੂੰ ਰੋਕਣ ਅਤੇ ਸਾਡੀ ਸਮੂਹਿਕ ਆਵਾਜ਼ ਨੂੰ ਦਬਾਉਣ ਲਈ ਇਹ ਚੁਣੌਤੀਆਂ ਪੈਦਾ ਕਰਨ ਦੀ ਕੋਸ਼ਿਸ਼ ਕਰਦੀ ਹੈ, ਪਰ ਇਹ ਬੇਹੱਦ ਜ਼ਰੂਰੀ ਹੈ ਕਿ ਅਸੀਂ ਇੱਕਜੁੱਟ ਹੋ ਕੇ ਇਨ੍ਹਾਂ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਲੱਭੀਏ। ਸਾਡੇ ਪੰਜਾਬ ਦੀ ਬਿਹਤਰੀ ਲਈ ਅਜਿਹੇ ਸੰਕਲਪ ਦੇਣ ਲਈ ਮੇਰੀ ਵਚਨਬੱਧਤਾ ਹੈ, ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਵਿਚ ਅਡੋਲ ਹੈ। ਇੱਕ ਪ੍ਰਮੁੱਖ ਵਿਰੋਧੀ ਧਿਰ ਵਜੋਂ ਅਸੀਂ ਇਸ ਦੀ ਜ਼ੋਰਦਾਰ ਵਕਾਲਤ ਕਰਾਂਗੇ ਤੁਹਾਡੇ ਹੱਕਾਂ ਦੀ ਰਾਖੀ ਲਈ ਸਾਡਾ ਨਿਆਂ ਪੱਤਰ ਪੰਜਾਬ ਅਤੇ ਦੇਸ਼ ਦੇ ਲੋਕਾਂ ਦੀ ਭਲਾਈ ਲਈ ਸਾਡੇ ਅਟੁੱਟ ਸਮਰਪਣ ਦਾ ਸਬੂਤ ਹੈ। ਕਾਂਗਰਸ ਪਾਰਟੀ ਦੇਸ਼ ਪੱਧਰੀ ਵਿਕਾਸ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਸੰਕਲਪ ਵਿਚ ਹਮੇਸ਼ਾ ਦ੍ਰਿੜ ਇਰਾਦੇ ਨਾਲ ਖੜੀ ਹੈ।”

Leave a Reply

Your email address will not be published. Required fields are marked *