ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ‘ਚ ਕਈ ਦਿੱਗਜ ਨੇਤਾ ਪੰਜਾਬ ‘ਚ ਚੋਣ ਪ੍ਰਚਾਰ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਪੰਜਾਬ ਦੇ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਜਿੱਥੇ ਪੀਐਮ ਮੋਦੀ ਦੁਸਹਿਰਾ ਮੈਦਾਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਦਰਅਸਲ ‘ਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ। ਭਾਜਪਾ ਨੇਤਾਵਾਂ ਦਾ ਮੰਨਣਾ ਹੈ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਪਹਿਲਾਂ ਪੀਐਮ ਮੋਦੀ ਦਾ ਇੱਕ ਹੋਰ ਪੰਜਾਬ ਦੌਰਾ ਵੋਟਰਾਂ ਦੇ ਮਨਾਂ ਨੂੰ ਭਾਜਪਾ ਦੇ ਹੱਕ ਵਿੱਚ ਜੋੜਨ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਲਈ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਪੀਐਮ ਮੋਦੀ 23 ਅਤੇ 24 ਮਈ ਨੂੰ ਪੰਜਾਬ ਦਾ ਦੌਰਾ ਕਰ ਚੁੱਕੇ ਹਨ। ਪੀਐਮ ਮੋਦੀ ਨੇ 23 ਨੂੰ ਪਟਿਆਲਾ ਅਤੇ 24 ਨੂੰ ਗੁਰਦਾਸਪੁਰ ਅਤੇ ਜਲੰਧਰ ਵਿੱਚ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਸੀ।