ਨਵਾਂਸ਼ਹਿਰ ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਮਹਿਮੂਦਪੁਰ ਮੰਡੇਰ ਗੁਰਦੁਆਰਾ ਸਾਹਿਬ ਵਿਖੇ ਰਾਤ ਸਮੇਂ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਤਿੰਨ ਪਾਵਨ ਸਰੂਪ ਨੁਕਸਾਨੇ ਗਏ। ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਦਰ ਥਾਣਾ ਬਲਾਚੌਰ ਨੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨੋਂ ਸਰੂਪਾਂ ਨੂੰ ਕਬਜ਼ੇ ਵਿਚ ਲੈ ਕੇ ਅੱਜ ਗੋਇੰਦਵਾਲ ਸਾਹਿਬ ਲੈ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਹਮੇਸ਼ਾ ਦੀ ਤਰ੍ਹਾਂ ਸੁਖ ਆਸਣ ਕਮਰੇ ਵਿੱਚ ਰੱਖਿਆ ਗਿਆ ਅਤੇ ਉਸ ਤੋਂ ਬਾਅਦ ਕੰਧ ਵਾਲਾ ਪੱਖਾ ਚੱਲਦਾ ਰਿਹਾ। ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਤੱਕ ਪਹੁੰਚ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੁਕਸਾਨੇ ਗਏ। ਸਵੇਰੇ ਜਦੋਂ ਪਾਠੀ ਸਿੰਘ ਨੇ ਆ ਕੇ ਗੁਰਦੁਆਰਾ ਸਾਹਿਬ ਦੇ ਅੰਦਰੋਂ ਧੂੰਆਂ ਨਿਕਲਦਾ ਦੇਖਿਆ ਤਾਂ ਹੋਰ ਲੋਕਾਂ ਨੂੰ ਬੁਲਾ ਕੇ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਹੇਠਾਂ ਕਮਰੇ ਵਿਚ ਲਿਆਂਦਾ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਅੱਗ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਥੋੜਾ ਜਿਹਾ ਨੁਕਸਾਨ ਹੋਇਆ, ਨਹੀਂ ਤਾਂ ਗੁਰੂ ਗ੍ਰੰਥ ਸਾਹਿਬ ਜੀ ਅਗਨ ਭੇਟ ਹੋ ਜਾਣੇ ਸਨ। ਮੌਕੇ ‘ਤੇ ਐਸਜੀਪੀਸੀ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਅਤੇ ਏ.ਜੀ.ਪੀ.ਸੀ ਮੈਂਬਰਾਂ ਅਤੇ ਪੁਲਿਸ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕਬਜ਼ੇ ‘ਚ ਲੈ ਕੇ ਗੁਰਦੁਆਰਾ ਸਾਹਿਬ ਦੇ ਇਕ ਕਮਰੇ ‘ਚ ਰਖਵਾ ਦਿਤਾ, ਜਿਸ ਨੂੰ ਅੱਜ ਅਰਦਾਸ ਉਪਰੰਤ ਪਾਲਕੀ ਸਾਹਿਬ ਗੋਇੰਦਵਾਲ ਸਾਹਿਬ ਲਈ ਰੱਖਿਆ ਗਿਆ।