ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਰਹਿਤ ਐਲਾਨਿਆ ਗਿਆ ਹੈ। ਸਾਰੇ ਪੋਲਿੰਗ ਬੂਥਾਂ ‘ਤੇ ਸਿਗਰੇਟ, ਬੀੜੀ ਤੇ ਤੰਬਾਕੂ ਸੇਵਨ ਦੀ ਪਾਬੰਦੀ ਰਹੇਗੀ। ਇਸ ‘ਤੇ ਨਜ਼ਰ ਰੱਖਣ ਲਈ ਪੋਲਿੰਗ ਬੂਥਾਂ ਦੇ ਪ੍ਰੀਜ਼ਾਈਡਿੰਗ ਅਸਫਰਾਂ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਿਯਮ ਤੋੜਨ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਤੇ ਰਚਨਾਤਕ ਮਾਹੌਲ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਪੋਲਿੰਗ ਬੂਥਾਂ ਨੂੰ ਤੰਬਾਕੂ ਰਹਿਤ ਖੇਤਰ ਐਲਾਨਣ ਦੇ ਪਿੱਛੇ ਦੀ ਸੋਚ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸ ਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ। ਸਿਬਿਨ ਸੀ ਨੇ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੇ ਇਸਤੇਮਾਲ ਨੂੰ ਘਟਾਉਣ ਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬੀਮਾਰੀਆਂ, ਫੇਫੜਿਆਂ ਦੇ ਗੰਭੀਰ ਰੌਗ ਕਾਬੂ ਪਾਉਣ ਲਈ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਵੋਟਿੰਗ ਕੇਂਦਰਾਂ ‘ਤੇ ਫਾਰਮਸਿਸਟ ਵੀ ਤਾਇਨਾਤ ਕੀਤੇ ਜਾਣਗੇ ਤਾਂ ਕਿ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਸਦਾ ਇਲਾਜ ਮਿਲ ਸਕੇ।