ਪੰਜਾਬ ‘ਚ 5 ਸੀਟਾਂ ‘ਤੇ ਹੋਣਗੀਆਂ ਜ਼ਿਮਨੀ ਚੋਣਾਂ, ਜਾਣੋ ਪੂਰਾ ਵੇਰਵਾ

ਪੰਜਾਬ ਵਿੱਚ ਲੋਕ ਸਭਾ ਸੀਟਾਂ ਦੇ ਨਤੀਜਿਆਂ ਦੇ ਆਉਣ ਤੋਂ ਮਗਰੋਂ ਹੁਣ 6 ਮਹੀਨਿਆਂ ਦੇ ਅੰਦਰ -ਅੰਦਰ ਪੰਜ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਸੰਗਰੂਰ ਹਲਕੇ ਤੋਂ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤ ਲਈ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ ਹੁਣ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਦਿੱਤਾ ਜਾਵੇਗਾ। ਇਹ ਸੀਟ ਇਸ ਸਮੇਂ ਆਮ ਆਦਮੀ ਪਾਰਟੀ ਦੇ ਕੋਲ ਹੈ। ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ। ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਨੂੰ ਜਿੱਤ ਲਿਆ ਹੈ। ਗਿੱਦੜਬਾਹਾ ਸੀਟ ਇਸ ਸਮੇਂ ਕਾਂਗਰਸ ਦੇ ਕੋਲ ਹੈ। ਗੁਰਦਾਸਪੁਰ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਲੋਕ ਸਭਾ ਸੀਟ ਤੋਂ ਚੋਣ ਜਿੱਤ ਲਈ ਹੈ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖ਼ਾਲੀ ਐਲਾਨ ਦਿੱਤਾ ਜਾਵੇਗਾ। ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਤੋਂ ਚੋਣ ਜਿੱਤ ਗਏ ਹਨ। ਅਜਿਹੀ ਹਾਲਤ ’ਚ ਚੱਬੇਵਾਲ ਵਿਧਾਨ ਸਭਾ ਸੀਟ ’ਤੇ ਵੀ ਚੋਣ ਕਮਿਸ਼ਨ ਨੂੰ ਉਪ-ਚੋਣ ਕਰਵਾਉਣੀ ਪਵੇਗੀ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ਨੂੰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਾਲੀ ਐਲਾਨ ਕਰ ਚੁੱਕੇ ਹਨ ਕਿਉਂਕਿ ਵਿਧਾਇਕ ਸ਼ੀਤਲ ਅੰਗੁਰਾਲ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਸੀ। ਇਸ ਸੀਟ ਨੂੰ ਖ਼ਾਲੀ ਐਲਾਨਣ ਪਿੱਛੋਂ ਇਥੇ ਵੀ ਜ਼ਿਮਨੀ ਚੋਣ ਕਰਵਾਉਣ ਦਾ ਰਾਹ ਸਾਫ਼ ਹੋ ਗਿਆ ਹੈ।ਪੰਜਾਬ ਵਿੱਚ 5 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਨੂੰ ਵੇਖਦੇ ਹੋਏ ਸੂਬੇ ਦੀਆਂ ਸਿਆਸੀ ਪਾਰਟੀਆਂ ਦਾ ਧਿਆਨ ਆਉਣ ਵਾਲੇ 6 ਮਹੀਨਿਆਂ ’ਚ ਚੋਣ ਕਾਰਜਾਂ ’ਚ ਹੀ ਲੱਗਿਆ ਰਹੇਗਾ। ਇਨ੍ਹਾਂ ਜ਼ਿਮਨੀ ਚੋਣਾਂ ’ਚ ਵੀ ਸਿੱਧਾ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਦਰਮਿਆਨ ਹੋਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਧਿਆਨ ਵੀ ਹੁਣ ਇਨ੍ਹਾਂ ਜ਼ਿਮਨੀ ਚੋਣਾਂ ਵੱਲ ਰਹੇਗਾ। ਸਰਕਾਰ ਨੂੰ ਇਨ੍ਹਾਂ ਖ਼ਾਲੀ ਹੋਣ ਵਾਲੀਆਂ ਵਿਧਾਨ ਸਭਾ ਸੀਟਾਂ ’ਤੇ ਫੋਕਸ ਕਰਨਾ ਪਵੇਗਾ ਅਤੇ ਵਿਕਾਸ ਕਾਰਜਾਂ ਨੂੰ ਵੱਡੇ ਪੱਧਰ ’ਤੇ ਕਰਵਾਉਣਾ ਪਵੇਗਾ। ਹਾਲਾਂਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਚੋਣ ਮੈਦਾਨ ’ਚ ਉਤਾਰਨਗੀਆਂ ਪਰ ਫਿਰ ਵੀ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਵਾਲੇ ਮਹੀਨਿਆਂ ’ਚ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਿਤ ਕਰਨਗੇ।

Leave a Reply

Your email address will not be published. Required fields are marked *