ਚੰਡੀਗੜ੍ਹ SIT ਕਰੇਗੀ ਕੰਗਨਾ ਥੱਪੜ ਮਾਮਲੇ ਦੀ ਜਾਂਚ, SP ਹਰਵੀਰ ਸਿੰਘ ਅਟਵਾਲ ਬਣੇ ਇੰਚਾਰਜ

ਫਿਲਮ ਅਭਿਨੇਤਰੀ ਅਤੇ ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਦੇ ਮਾਮਲੇ ‘ਚ ਪੁਲਿਸ ਨੇ SIT ਦਾ ਗਠਨ ਕੀਤਾ ਹੈ। ਹਰਵੀਰ ਸਿੰਘ ਅਟਵਾਲ ਐਸਪੀ ਸਿਟੀ ਮੁਹਾਲੀ ਨੂੰ ਇਸ ਐਸਆਈਟੀ ਦਾ ਇੰਚਾਰਜ ਬਣਾਇਆ ਗਿਆ ਹੈ। ਹਵਾਈ ਅੱਡੇ ਦੇ ਡੀਐਸਪੀ ਕੁਲਜਿੰਦਰ ਸਿੰਘ ਅਤੇ ਸਟੇਸ਼ਨ ਇੰਚਾਰਜ ਪੈਰੀ ਵਿੰਕਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਹੁਣ ਤਿੰਨ ਮੈਂਬਰੀ ਕਮੇਟੀ ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ। ਐਸਪੀ ਸਿਟੀ ਹਰਵੀਰ ਸਿੰਘ ਅਟਵਾਲ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਨੂੰ ਏਅਰਪੋਰਟ ‘ਤੇ ਲੱਗੇ ਸੀਸੀਟੀਵੀ ਕੈਮਰੇ ਦੇਖੇ ਜਾਣਗੇ। ਉਨ੍ਹਾਂ ਕੈਮਰਿਆਂ ‘ਚ ਮੌਕੇ ‘ਤੇ ਮੌਜੂਦ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਦੋਵਾਂ ਧਿਰਾਂ ਨੂੰ ਬੁਲਾ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਜੋ ਵੀ ਸਬੂਤ ਹੋਣਗੇ, ਉਨ੍ਹਾਂ ਦੇ ਆਧਾਰ ‘ਤੇ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ। ਇਸ ਦੇ ਲਈ ਅਜੇ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਹੈ। ਕਿਉਂਕਿ ਇਸ ਵਿੱਚ ਬਹੁਤ ਸਾਰੇ ਲੋਕ ਸ਼ਾਮਲ ਹੋਣਗੇ। ਇਸ ਕਾਰਨ ਜਾਂਚ ਵਿੱਚ ਸਮਾਂ ਲੱਗ ਸਕਦਾ ਹੈ। ਇਸ ਮਾਮਲੇ ਨੂੰ ਲੈ ਕੇ ਕੱਲ੍ਹ ਕਿਸਾਨ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ ਦੇ ਹੱਕ ਵਿੱਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪੈਦਲ ਮਾਰਚ ਕੱਢਿਆ। ਰੋਸ ਮਾਰਚ ਕੱਢਦੇ ਹੋਏ ਉਹ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜੇ। ਜਿੱਥੇ ਉਨ੍ਹਾਂ ਆਪਣਾ ਮੰਗ ਪੱਤਰ ਐਸਐਸਪੀ ਮੁਹਾਲੀ ਨੂੰ ਸੌਂਪਿਆ। ਇਸ ਵਿੱਚ ਉਨ੍ਹਾਂ ਨੇ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ ਖ਼ਿਲਾਫ਼ ਦਰਜ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਹ SIT ਬਣਾਉਣ ਦਾ ਫੈਸਲਾ ਕੀਤਾ ਹੈ।

Leave a Reply

Your email address will not be published. Required fields are marked *