ਪੰਜਾਬ ਮੰਤਰੀ ਮੰਡਲ ‘ਚ ਹੋ ਸਕਦੈ ਵੱਡਾ ਫੇਰਬਦਲ , ਮਾਲਵੇ ਦੇ 2 ਵਿਧਾਇਕਾਂ ਨੂੰ ਮਿਲ ਸਕਦੀ ਹੈ ਵੱਡੀ ਜਿੰਮੇਵਾਰੀ

ਲੋਕ ਸਭਾ ਚੋਣਾਂ ਮਗਰੋਂ ਆਮ ਆਦਮੀ ਪਾਰਟੀ ਵਿੱਚ ਮੰਥਨ ਦਾ ਦੌਰ ਜਾਰੀ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ‘ਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਮੀਤ ਹੇਅਰ ਸਣੇ 3 ਮੰਤਰੀਆਂ ਦੀ ਮੰਤਰੀ ਮੰਡਲ ‘ਚੋਂ ਰੁਖਸਤੀ ਹੋਣ ਦੀ ਸੰਭਾਵਨਾ ਹੈ ਅਤੇ 2 ਨਵੇਂ ਚਿਹਰੇ ਮੰਤਰੀ ਮੰਡਲ ‘ਚ ਸ਼ਾਮਿਲ ਹੋ ਸਕਦੇ ਹਨ। ਮਾਲਵਾ ‘ਚੋਂ 2 ਵਿਧਾਇਕਾਂ ਨੂੰ ਕੈਬਨਿਟ ਵਿੱਚ ਵੱਡੀ ਜਿੰਮੇਵਾਰੀ ਮਿਲ ਸਕਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿਹਾੜ ਜੇਲ੍ਹ ‘ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਬਾਅਦ ਅਗਲੀ ਰਣਨੀਤੀ ਘੜੀ ਜਾਵੇਗੀ । ਸੂਤਰਾਂ ਦੀ ਮੰਨੀਏ ਤਾਂ ਪਾਰਟੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਸਮੇਤ ਸਾਰੇ ਨੁਕਤਿਆਂ ‘ਤੇ ਵਿਚਾਰ ਕਰ ਰਹੀ ਹੈ। ਅਜਿਹੇ ‘ਚ ਜਿਹੜੇ ਮੰਤਰੀ ਆਪਣੇ ਸਰਕਲ ‘ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ, ਉਨ੍ਹਾਂ ਦੀ ਸ਼ਕਤੀ ਵੀ ਘਟਾਈ ਜਾ ਸਕਦੀ ਹੈ। ਸੂਤਰਾਂ ਮੁਤਾਬਕ ਪੰਜਾਬ ਕੈਬਨਿਟ ‘ਚ ਆਉਣ ਵਾਲੇ ਦਿਨਾਂ ‘ਚ 17 ਮੰਤਰੀ ਬਣਾਏ ਜਾ ਸਕਦੇ ਹਨ। ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਇੱਕ ਅਹੁਦਾ ਖਾਲੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ 15 ਮੰਤਰੀ ਹਨ। ਇਨ੍ਹਾਂ ਮੰਤਰੀਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਡਾ: ਬਲਬੀਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਨ ਸਿੰਘ ਈਟੀਓ, ਚੇਤਨ ਸਿੰਘ ਜੋੜਾਮਾਜਰਾ, ਡਾ. ਅਨਮੋਲ ਗਗਨ ਮਾਨ, ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਦੇ ਨਾਮ ਹਨ। ਇਸ ਲਈ 2 ਨਵੇਂ ਮੰਤਰੀ ਬਣਾਏ ਜਾ ਸਕਦੇ ਹਨ। ਦੱਸ ਦਈਏ ਕਿ 2024 ਦੀਆਂ ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ 13 ਲੋਕ ਸਭਾ ਸੀਟਾਂ ‘ਚੋਂ ਸਿਰਫ 3 ਹੀ ਜਿੱਤ ਸਕੀ ਹੈ। ਇਨ੍ਹਾਂ ਵਿੱਚ ਸੰਗਰੂਰ ਤੋਂ ਮੀਤ ਹੇਅਰ, ਸ੍ਰੀ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਕੰਗ ਤੇ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਨੇ ਚੋਣ ਜਿੱਤੀ ਹੈ। ਇਸ ਤੋਂ ਇਲਾਵਾ ਚੋਣਾਂ ‘ਚ 4 ਮੰਤਰੀਆਂ ਅਤੇ 3 ਵਿਧਾਇਕਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵਿੱਚ ਵੱਡਾ ਝਟਕਾ ਲੱਗਣ ਮਗਰੋਂ ਆਪ ਸਰਕਾਰ ਵਿੱਚ ਮੰਥਨ ਦਾ ਦੌਰ ਜਾਰੀ ਹੈ। ਜਿਸ ਦੇ ਲਈ ਮੁੱਖ ਮੰਤਰੀ ਭਗਵੰਤ ਨੇ ਹਲਕਾ ਵਿਧਾਇਕਾਂ, ਆਗੂਆਂ ਤੇ ਉਮੀਦਵਾਰਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਵਿੱਚ ਹੋਈ ਹਾਰ ਦੇ ਕਾਰਨਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ ਨੇ ਵੀ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ।

Leave a Reply

Your email address will not be published. Required fields are marked *