ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਗਿੱਦੜਬਾਹਾ ਦੇ ਵਿਧਾਇਕ ਵਜੋਂ ਦਿੱਤਾ ਅਸਤੀਫ਼ਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਦੇ ਵਿਧਾਨ ਸਭਾ ਕੰਪਲੈਕਸ ਵਿਖੇ ਗਿੱਦੜਬਾਹਾ ਦੇ ਵਿਧਾਇਕ ਵਜੋਂ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪਿਛਲੇ ਸਾਢੇ ਬਾਰਾਂ ਸਾਲਾਂ ਤੋਂ ਗਿੱਦੜਬਾਹਾ ਦੇ ਲੋਕਾਂ ਦੀ ਸੇਵਾ ਕਰਨਾ ਮਾਣ ਵਾਲੀ ਗੱਲ ਹੈ। ਗਿੱਦੜਬਾਹਾ ਦੇ ਲੋਕਾਂ ਨੇ 2012 ਵਿੱਚ ਇੱਕ ਚਾਹਵਨ ਨੌਜਵਾਨ, ਸਿਆਸਤ ਨੂੰ ਸੌਂਪਿਆ ਜਦੋਂ ਮੈਂ ਸਿਰਫ 33 ਸਾਲਾਂ ਦਾ ਸੀ। ਮੈਨੂੰ ਉਮੀਦ ਹੈ ਕਿ ਮੈਂ ਉਨ੍ਹਾਂ ਦੇ ਭਰੋਸੇ ਨੂੰ ਸਹੀ ਸਾਬਤ ਕੀਤਾ ਹੈ ਅਤੇ ਗਿੱਦੜਬਾਹਾ ਦੇ ਲੋਕਾਂ ਲਈ ਤਨਦੇਹੀ ਨਾਲ ਕੰਮ ਕੀਤਾ ਹੈ। ਉਹਨਾਂ ਅੱਗੇ ਕਿਹਾ, “ਗਿੱਦੜਬਾਹਾ ਦੇ ਲੋਕਾਂ ਦੇ ਸਮਰਥਨ ਅਤੇ ਭਰੋਸੇ ਨੇ ਮੈਨੂੰ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨ ਅਤੇ ਪੰਜਾਬ ਅਤੇ ਇਸਦੇ ਲੋਕਾਂ ਦੇ ਹਿੱਤਾਂ ਲਈ ਲੜਨ ਦੀ ਤਾਕਤ ਦਿੱਤੀ ਹੈ। ਇਸੇ ਤਾਕਤ ਨੇ ਮੈਨੂੰ ਲੁਧਿਆਣਾ ਵਿੱਚ ਚੁਣੌਤੀਆਂ ਨੂੰ ਪਾਰ ਕਰਨ ਅਤੇ ਜਿੱਤਣ ਵਿੱਚ ਮਦਦ ਕੀਤੀ। ਮੈਂ ਹੁਣ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਲੜਾਈ ਜਾਰੀ ਰੱਖਾਂਗਾ ਅਤੇ ਇਹ ਯਕੀਨੀ ਬਣਾਵਾਂਗਾ ਕਿ ਸਾਡੀ ਆਵਾਜ਼ ਸੁਣੀ ਜਾਵੇ।” ਗਿੱਦੜਬਾਹਾ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਸਬੰਧੀ ਵੜਿੰਗ ਨੇ ਕਿਹਾ ਕਿ ਮੇਰਾ ਗਿੱਦੜਬਾਹਾ ਨਾਲ ਡੂੰਘਾ ਸਬੰਧ ਹੈ। ਮੈਂ ਪਿਛਲੇ ਕੁਝ ਸਾਲਾਂ ਵਿੱਚ ਬਹੁਤ ਕੁਝ ਹਾਸਲ ਕੀਤਾ ਹੈ ਅਤੇ ਗਿੱਦੜਬਾਹਾ ਨੇ ਉਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਆਉਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਦੀ ਚੋਣ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਚੰਗੀ ਤਰ੍ਹਾਂ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਅਤੇ ਹਲਕੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਜਾਵੇਗੀ।”ਉਨ੍ਹਾਂ ਕਿਹਾ, “ਮੈਂ ਹਮੇਸ਼ਾ ਗਿੱਦੜਬਾਹਾ ਨਾਲ ਜੁੜਿਆ ਰਹਾਂਗਾ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਾਂਗਾ। ਮੈਂ ਜਿੱਥੇ ਵੀ ਜਾਂਦਾ ਹਾਂ, ਮੈਂ ਭਾਈਚਾਰੇ ਨਾਲ ਡੂੰਘਾ ਸਬੰਧ ਬਣਾਉਂਦਾ ਹਾਂ। ਲੁਧਿਆਣਾ ਵਿੱਚ ਵੀ ਅਜਿਹਾ ਹੀ ਹੋਵੇਗਾ। ਮੈਂ ਰਾਜ ਲਈ ਕੰਮ ਕਰਨਾ ਜਾਰੀ ਰੱਖਾਂਗਾ, ਇਹ ਯਕੀਨੀ ਬਣਾਉਣ ਲਈ ਕਿ ਸਾਡੀ ਆਵਾਜ਼ ਸੁਣੀ ਜਾਵੇ ਅਤੇ ਸਾਡੇ ਅਧਿਕਾਰਾਂ ਨੂੰ ਬਰਕਰਾਰ ਰੱਖਿਆ ਜਾਵੇ।

Leave a Reply

Your email address will not be published. Required fields are marked *