ਤਰਨਤਾਰਨ ਦੇ ਕਸਬਾ ਝਬਾਲ ‘ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਦੋ ਅੰਗ ਪਾੜ ਦਿੱਤੇ। ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਭੋਜੀਆਂ ਵਜੋਂ ਹੋਈ ਹੈ। ਦੋਸ਼ੀ ਅਪਾਹਜ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਤਣਾਅ ਪੈਦਾ ਹੋ ਗਿਆ ਅਤੇ ਸਿੱਖ ਜਥੇਬੰਦੀਆਂ ਥਾਣੇ ਪੁੱਜਣੀਆਂ ਸ਼ੁਰੂ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਿਹਾ ਸੀ ਪਰ ਉਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਵਾਸੀ ਭੋਜੀਆਂ ਪਿਛਲੇ 10-12 ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੇਵਾ ਕਰਦਾ ਸੀ। ਦੋਸ਼ੀ ਸ਼ਨੀਵਾਰ ਸਵੇਰੇ 9.15 ਵਜੇ ਗੁਰਦੁਆਰਾ ਸਾਹਿਬ ਦੇ ਦਰਬਾਰ ‘ਚ ਪਹੁੰਚੇ। ਜਿੱਥੇ ਉਸਨੇ ਗੁਟਕਾ ਸਾਹਿਬ ਚੁੱਕ ਲਿਆ ਅਤੇ ਅਚਾਨਕ ਗੁਟਕਾ ਸਾਹਿਬ ਦੇ ਅੰਗ 134 ਤੋਂ 174 ਤੱਕ ਪਾੜ ਦਿੱਤੇ। ਮੌਕੇ ‘ਤੇ ਮੌਜੂਦ ਸੇਵਾਦਾਰ ਨਿੰਦਰ ਸਿੰਘ ਅਤੇ ਸੰਗਤਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਜੱਬੋਵਾਲ ਥਾਣਾ ਇੰਚਾਰਜ ਜੱਸਾ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਕਰਮਜੀਤ ਸਿੰਘ ਇਕ ਲੱਤ ਤੋਂ ਅਪਾਹਜ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਸ ਗੁਰਦੁਆਰਾ ਸਾਹਿਬ ਵਿਚ ਸੇਵਾ ਕਰ ਰਿਹਾ ਸੀ। ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਵਾਰਦਾਤ ਕਿਉਂ ਕੀਤੀ।