ਲੁਧਿਆਣਾ ਦੇ ਜਮਾਲਪੁਰ ਸਥਿਤ ਗੁਰਦੁਆਰਾ ਸਿੰਘ ਸਾਹਿਬ ਵਿਖੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਨਿਹੰਗ ਸਿੰਘਾਂ ਦੀ ਫੌਜ ਉੱਥੇ ਪਹੁੰਚ ਗਈ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕਾਂ ਉੱਪਰ ਬਿਰਧ (ਖਸਤਾ ਹਾਲ) ਗੁਰੂ ਗ੍ਰੰਥ ਸਾਹਿਬ ਰੱਖਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਪਾਠੀ ਵੱਲੋਂ ਗੁਰਦੁਆਰਾ ਦੇ ਪ੍ਰਬੰਧਕਾਂ ਨੂੰ ਵਾਰ-ਵਾਰ ਕਿਹਾ ਗਿਆ, ਕਿ ਗੁਰੂ ਗ੍ਰੰਥ ਸਾਹਿਬ ਬਹੁਤ ਖਸਤਾ ਹਾਲਤ ਵਿਚ ਹੈ ਉਸ ਨੂੰ ਬਦਲਿਆ ਜਾਵੇ। ਪ੍ਰੰਤੂ ਪ੍ਰਬੰਧਕਾਂ ਵੱਲੋਂ ਨਹੀਂ ਬਦਲਿਆ ਗਿਆ ਹੈ। ਨਿਹੰਗ ਸਿੰਘਾਂ ਨੇ ਕਿਹਾ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਉਹ ਇੱਥੇ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇੱਥੇ ਪਹੁੰਚਣ ਤੋਂ ਬਾਅਦ ਗੁਰਦੁਆਰਾ ਦੇ ਪ੍ਰਬੰਧਕਾਂ ਨੂੰ ਵਾਰ-ਵਾਰ ਫੋਨ ਕਰ ਰਹੇ ਹਨ ਮਗਰ ਕੋਈ ਵੀ ਮੌਕੇ ’ਤੇ ਨਹੀਂ ਆ ਰਿਹਾ ਹੈ। ਨਿਹੰਗ ਸਿੰਘਾਂ ਨੇ ਕਿਹਾ ਕਿ ਖਸਤਾ ਹਾਲ ਗੁਰੂ ਗ੍ਰੰਥ ਸਾਹਿਬ ਰੱਖਣਾ ਵੀ ਇੱਕ ਤਰ੍ਹਾਂ ਦਾ ਬੇਅਦਬੀ ਹੈ, ਉਨ੍ਹਾਂ ਨੇ ਕਿਹਾ ਕਿ ਜੇਕਰ ਗੁਰੂ ਗ੍ਰੰਥ ਸਾਹਿਬ ਦੀ ਹਾਲਤ ਖਸਤਾ ਹੋ ਜਾਵੇ ਤਾਂ ਉਸਦਾ ਸੰਸਕਾਰ ਕਰਨਾ ਜ਼ਰੂਰੀ ਹੁੰਦਾ ਹੈ। ਉੱਥੇ ਹੀ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪਾਠੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਬੰਧਕਾਂ ਨੂੰ ਵਾਰ-ਵਾਰ ਇਸ ਬਾਰੇ ਕਿਹਾ ਜਾ ਚੁੱਕਾ ਹੈ ਪਰ ਕੋਈ ਵੀ ਸੁਣਵਾਈ ਨਹੀਂ ਹੋਈ ਹੈ।