ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਦੇਰ ਰਾਤ ਭਾਰੀ ਹੰਗਾਮਾ ਹੋਇਆ ਹੈ। ਜਿੱਥੇ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਪਰਵਾਹੀ ਦਾ ਆਰੋਪ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਪਤਾ ਲੱਗਾ ਹੈ ਕਿ ਇਕ ਕੈਦੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਕੈਦੀਆਂ/ਬੰਦੀਆਂ ਨੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਸੂਤਰਾਂ ਮੁਤਾਬਕ ਮ੍ਰਿਤਕ ਕੈਦੀ ਦਾ ਨਾਂ ਖੜਗ ਸਿੰਘ ਹੈ। ਖੜਗ ਸਿੰਘ ਨਵਾਂ ਸ਼ਹਿਰ ਦੇ ਪਿੰਡ ਸੂਦਾ ਮਾਜਰਾ ਦਾ ਵਸਨੀਕ ਹੈ। ਦੇਰ ਰਾਤ ਉਸ ਦੀ ਤਬੀਅਤ ਅਚਾਨਕ ਵਿਗੜ ਗਈ। ਆਰੋਪ ਹੈ ਕਿ ਮੈਡੀਕਲ ਸਹੂਲਤ ਨਾ ਮਿਲਣ ਕਰਕੇ ਉਸ ਦੀ ਮੌਤ ਹੋ ਗਈ। ਖੜਗ ਸਿੰਘ ਖਿਲਾਫ਼ ਥਾਣਾ ਰਾਹੋਂ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 34 ਆਈਪੀਸੀ 302 ਤਹਿਤ ਕੇਸ ਦਰਜ ਕੀਤਾ ਗਿਆ ਹੈ। ਜੇਲ ‘ਚ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਸੀਆਰਪੀਐਫ ਅਤੇ ਹੋਰ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕਰ ਦਿੱਤਾ ਹੈ। ਜੇਲ੍ਹ ਪ੍ਰਸ਼ਾਸਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ। ਹਾਲਾਂਕਿ ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।