ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਤੇ ਕਾਂਗਰਸ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੇ ਨਤੀਜੇ ਆਉਂਦਿਆ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਕੁਰਸੀ ਖੁੱਸਣੀ ਤੈਅ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਰਹਿਣ ਲਈ ਮਕਾਨ ਲੈ ਲਿਆ ਹੈ ਪਰ ਨਤੀਜੇ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਆਪਣੇ ਪਿੰਡ ਸਤੌਜ ਜਾਣਾ ਪਵੇਗਾ ਕਿਉਂਕਿ ਚੰਡੀਗੜ੍ਹ ਵਿਚਲਾ ਉਨ੍ਹਾਂ ਦਾ ਘਰ ਵੀ ਉਨ੍ਹਾਂ ਨੂੰ ਨਹੀਂ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੂੰ ਹਾਰ ਦਾ ਅਹਿਸਾਸ ਹੋ ਰਿਹਾ ਹੈ, ਇਸ ਲਈ ਉਹ ਆਪਣੇ ਪੂਰੇ ਪਰਿਵਾਰ ਨਾਲ ਜਲੰਧਰ ਪੱਛਮੀ ਹਲਕੇ ਵਿਚ ਡੇਰੇ ਲਾਉਣ ਆਏ ਹਨ। ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਚੋਣ ਰਣਨੀਤੀ ਬਣਾਉਣ ਵਾਸਤੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਲਈ ਆਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਹੁੰਦੇ ਤਾਂ ਭਗਵੰਤ ਮਾਨ ਨੂੰ ਹਟਾ ਦਿੰਦੇ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਮਾਨਦਾਰੀ ਦੀ ਬੜੀ ਦੁਹਾਈ ਦਿੰਦੀ ਸੀ ਤੇ ਭਾਰਤੀ ਜਨਤਾ ਪਾਰਟੀ ‘ਤੇ ਦੋਸ਼ ਲਾਇਆ ਸੀ ਕਿ ਆਪ੍ਰੇਸ਼ਨ ਲੋਟਸ ਤਹਿਤ ਉਨ੍ਹਾਂ ਦੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ। ਉਸ ਸਮੇਂ ਸ਼ੀਤਲ ਅੰਗੁਰਲ ਹੀ ਭਾਜਪਾ ਖ਼ਿਲਾਫ਼ ਐੱਫਆਈਆਰ ਦਰਜ ਕਰਵਾਉਣ ਵਾਲਾ ਇਕਲੌਤਾ ਨੇਤਾ ਸੀ। ਅੱਜ ਭਾਜਪਾ ਸ਼ੀਤਲ ਅੰਗੁਰਾਲ ਨੂੰ ਆਪਣਾ ਚੋਣ ਨਿਸ਼ਾਨ ਦੇ ਕੇ ਚੋਣ ਲੜਾ ਰਹੀ ਹੈ। ਦੋਵਾਂ ਪਾਰਟੀਆਂ ਦੀ ਵਿਚਾਰਧਾਰਾ ਸਮਝ ਤੋਂ ਬਾਹਰ ਹੈ।